ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਨੇ ਜ਼ਿਲ੍ਹੇ ਦੇ ਵਪਾਰੀਆਂ ਤੇ ਉਦਯੋਗਪਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਰੂਪਨਗਰ, 28 ਅਕਤੂਬਰ: (ਖ਼ਬਰ ਖਾਸ ਬਿਊਰੋ)
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਰੂਪਨਗਰ ਜ਼ਿਲ੍ਹੇ ਦੇ ਵਪਾਰੀਆਂ, ਉਦਯੋਗਪਤੀਆਂ ਨਾਲ ਰੂਪਨਗਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਆਪ ਪੰਜਾਬ ਦੇ ਟ੍ਰੇਡ ਵਿੰਗ ਦੇ ਸਕੱਤਰ ਰਣਜੀਤਪਾਲ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਇਸ ਮੌਕੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਕੈਬਨਿਟ ਨੇ ਪੁਰਾਣੇ ਕੇਸਾਂ ਦਾ ਬੋਝ ਘਟਾਉਣ ਅਤੇ ਸਨਅਤ ਤੇ ਕਾਰੋਬਾਰਾਂ ਲਈ ਨਿਯਮਾਂ ਦੀ ਪਾਲਣਾ ਵਧਾਉਣ ਵਾਸਤੇ ਬਕਾਇਆ ਦੀ ਰਿਕਵਰੀ ਲਈ ਪੰਜਾਬ ਸਰਕਾਰ ਵੱਲੋਂ ‘ਯਕ ਮੁਸ਼ਤ ਨਿਪਟਾਰਾ’ (ਵਨ ਟਾਈਮ ਸੈਟਲਮੈਂਟ) ਸਕੀਮ 2025 (ਓ.ਟੀ.ਐਸ.) ਲਿਆਉਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸਕੀਮ ਪਹਿਲੀ ਅਕਤੂਬਰ 2025 ਤੋਂ ਲਾਗੂ ਹੋਵੇਗੀ ਅਤੇ 31 ਦਸੰਬਰ 2025 ਤੱਕ ਲਾਗੂ ਰਹੇਗੀ। ਜਿਨ੍ਹਾਂ ਕਰਦਾਤਾਵਾਂ ਦੇ ਮੁਲਾਂਕਣ 30 ਸਤੰਬਰ, 2025 ਤੱਕ ਕੀਤੇ ਗਏ ਹਨ ਅਤੇ ਮੁਲਾਂਕਣ ਆਦੇਸ਼ਾਂ ਦੇ ਸਾਰੇ ਸੁਧਾਰ/ਸੋਧ ਵਿਭਾਗ ਦੁਆਰਾ 30 ਸਤੰਬਰ, 2025 ਤੱਕ ਸਬੰਧਤ ਐਕਟ(ਆਂ) ਜਿਵੇਂ ਕਿ ਪੰਜਾਬ ਜਨਰਲ ਸੇਲਜ਼ ਟੈਕਸ ਐਕਟ, 1948, ਸੈਂਟਰਲ ਸੇਲਜ਼ ਟੈਕਸ ਐਕਟ, 1956, ਪੰਜਾਬ ਇਨਫਰਾਸਟ੍ਰਕਚਰ ਡਿਵੈਲਪਮੈਂਟ ਐਂਡ ਰੈਗੂਲੇਸ਼ਨ ਐਕਟ, 2002 ਅਤੇ ਪੰਜਾਬ ਵੈਟ ਐਕਟ, 2005, ਪੰਜਾਬ ਐਂਟਰਟੇਨਮੈਂਟ ਡਿਊਟੀ ਐਕਟ, 1955 ਅਤੇ ਪੰਜਾਬ ਐਂਟਰਟੇਨਮੈਂਟ ਟੈਕਸ ਸਿਨੇਮੈਟੋਗ੍ਰਾਫੀ ਸ਼ੋਅਜ਼ ਐਕਟ, 1954 ਅਧੀਨ ਪਾਸ ਕੀਤੇ ਗਏ ਹਨ, ਉਹ ਇਸ ਸਕੀਮ ਅਧੀਨ ਨਿਪਟਾਰੇ ਲਈ ਅਰਜ਼ੀ ਦੇਣ ਦੇ ਯੋਗ ਹੋਣਗੇ।
ਉਨ੍ਹਾਂ ਦੱਸਿਆ ਕਿ ਇਸ ਓ.ਟੀ.ਐਸ. ਸਕੀਮ ਅਧੀਨ ਜਿਸ ਮਾਮਲੇ ਵਿੱਚ ਟੈਕਸ ਰਕਮ ਇਕ ਕਰੋੜ ਰੁਪਏ ਤੱਕ ਹੈ, ਉਸ ਮਾਮਲੇ ਵਿੱਚ ਵਿਆਜ ਤੋਂ 100 ਫੀਸਦੀ ਛੋਟ, ਜੁਰਮਾਨੇ ਉੱਤੇ 100 ਫੀਸਦੀ ਮੁਆਫ਼ੀ ਅਤੇ ਟੈਕਸ ਰਕਮ ਉੱਤੇ 50 ਫੀਸਦੀ ਛੋਟ ਹੋਵੇਗੀ, ਜਦੋਂ ਕਿ ਇੱਕ ਕਰੋੜ ਰੁਪਏ ਤੋਂ 25 ਕਰੋੜ ਰੁਪਏ ਤੱਕ ਦੀ ਬਕਾਇਆ ਟੈਕਸ ਰਕਮ ਉੱਤੇ ਵਿਆਜ ਉੱਤੇ 100 ਫੀਸਦੀ ਛੋਟ, ਜੁਰਮਾਨੇ ਉੱਤੇ 100 ਫੀਸਦੀ ਛੋਟ ਅਤੇ ਟੈਕਸ ਰਕਮ ਉੱਤੇ 25 ਫੀਸਦੀ ਦੀ ਮੁਆਫ਼ੀ ਹੋਵੇਗੀ। 25 ਕਰੋੜ ਰੁਪਏ ਤੋਂ ਉੱਪਰ ਦੀ ਟੈਕਸ ਰਕਮ ਦੇ ਮਾਮਲੇ ਵਿੱਚ ਵਿਆਜ ਉੱਤੇ 100 ਫੀਸਦੀ ਛੋਟ, ਜੁਰਮਾਨੇ ਉੱਤੇ 100 ਫੀਸਦੀ ਛੋਟ ਅਤੇ ਟੈਕਸ ਰਕਮ ਉੱਤੇ 10 ਫੀਸਦੀ ਦੀ ਮੁਆਫ਼ੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਉਹ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਵਪਾਰੀਆਂ ਅਤੇ ਉਦੋਗਪਤੀਆਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਤਾਂ ਜੋ ਸਰਕਾਰ ਦੇ ਪੱਧਰ ’ਤੇ ਇੰਨ੍ਹਾਂ ਦਾ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਪਾਰੀਆਂ ਅਤੇ ਉਦਯੋਗਾਂ ਨੂੰ ਬਿਨਾਂ ਕਿਸੇ ਕਾਰਨ ਦੇ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ।
ਉਨਾਂ ਇਹ ਵੀ ਅਪੀਲ ਕੀਤੀ ਕਿ ਸਮਾਨ ਦੀ ਵਿਕਰੀ ਸਮੇਂ ਪੱਕਾ ਬਿੱਲ ਜ਼ਰੂਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਮੁੜ ਚਾਲੂ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੇਰਾ ਬਿੱਲ ਐਪ ’ਤੇ ਬਿੱਲ ਲੋਡ ਕਰਨ ਵਾਲੇ ਨੂੰ ਲੱਕੀ ਡਰਾਅ ’ਚ ਸ਼ਾਮਿਲ ਕਰਨ ਨਾਲ ਸੂਬੇ ’ਚ ਬਿੱਲ ਦੇਣ ਦਾ ਰੁਝਾਨ ਵਧਿਆ ਹੈ।
ਚੇਅਰਮੈਨ ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਕਮਿਸ਼ਨ ਅਤੇ ਵਿਭਾਗ ਸੂਬੇ ’ਚ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਹਾਂ-ਪੱਖੀ ਅਤੇ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਉਨ੍ਹਾਂ ਇਸ ਮੌਕੇ ਸਟੇਟ ਜੀ ਐਸ ਟੀ ਦੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਵਪਾਰੀਆਂ ਵੱਲੋਂ ਰੱਖੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨ ਅਤੇ ਸੁਣਵਾਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਰਾਜ ’ਚ ਪਹਿਲਾਂ ਸਨਅਤਕਾਰਾਂ ਨਾਲ ਅਤੇ ਹੁਣ ਵਪਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਕੀਤੇ ਵਾਅਦਿਆਂ ਮੁਤਾਬਕ ਉਨ੍ਹਾਂ ਨੂੰ ਰਾਜ ਵਿੱਚ ਸੁਖਾਵਾਂ ਮਾਹੌਲ ਦੇਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰ ਰਹੇ ਹਨ।
ਵਪਾਰੀਆਂ ਵੱਲੋਂ ਵੀ ਚੇਅਰਮੈਨ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਇਸ ਸਾਲ ਦਿਵਾਲੀ ਮੌਕੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ, ਉਹ ਸਰਕਾਰੀ ਦੀਆਂ ਨੀਤੀਆਂ ਤੋਂ ਬਹੁਤ ਖੁਸ਼ ਹਨ।
ਚੇਅਰਮੈਨ ਠਾਕੁਰ ਨੇ ਕਿਹਾ ਕਿ ਵਪਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਯੋਗ ਹੱਲ ਲਈ ਸਰਕਾਰ ਅਤੇ ਇਸ ਦੇ ਸਾਰੇ ਵਿੰਗ ਉਪਰਾਲੇ ਕਰ ਰਹੇ ਹਨ ਅਤੇ ਜੇਕਰ ਕਿਸੇ ਵੀ ਵਪਾਰੀ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।
ਚੇਅਰਮੈਨ ਵੱਲੋਂ ਵਪਾਰੀਆਂ ਅਤੇ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ, ਜਿਨ੍ਹਾਂ ਵਿੱਚੋਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਵਿਭਾਗੀ ਅਧਿਕਾਰੀਆਂ ਦੀ ਮਦਦ ਨਾਲ ਮੌਕੇ ‘ਤੇ ਹੀ ਹੱਲ ਕਰ ਦਿੱਤਾ ਗਿਆ। ਬਾਕੀ ਰਹਿੰਦੇ ਗੁੰਝਲਦਾਰ ਮੁੱਦਿਆਂ ਨੂੰ ਵੀ ਜਲਦ ਹੱਲ ਕਰਨ ਦਾ ਭਰੋਸਾ ਵੀ ਦਿੱਤਾ ਗਿਆ।
ਚੇਅਰਮੈਨ ਨੇ ਕਿਹਾ ਕਿ ਰੂਪਨਗਰ ਦਾ ਵਪਾਰੀ ਵਰਗ ਪੰਜਾਬ ਸਰਕਾਰ ਦੇ ਵਪਾਰੀ ਵਰਗ ਲਈ ਕੀਤੇ ਜਾ ਰਹੇ ਨਿਰੰਤਰ ਉਪਰਾਲਿਆਂ ਤੋਂ ਬਹੁਤ ਖੁਸ਼ ਹੈ, ਜਿਸ ਦੇ ਲਈ ਜ਼ਿਲ੍ਹੇ ਦੇ ਸਾਰੇ ਵਪਾਰੀ ਵਰਗ ਨੇ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।
ਸ੍ਰੀ ਠਾਕੁਰ ਨੇ ਸਾਰੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਟੈਕਸ ਅਦਾ ਕਰਨ ਵਿੱਚ ਸਹਿਯੋਗ ਕਰਨ ਤਾਂ ਜੋ ਸੂਬੇ ਦੇ ਮਾਲੀਏ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਚੇਅਰਮੈਨ ਸੈਣੀ ਭਲਾਈ ਬੋਰਡ ਸ਼੍ਰੀ ਰਾਮ ਕੁਮਾਰ ਮੁਕਾਰੀ, ਸਹਾਇਕ ਕਮਿਸ਼ਨਰ ਰਾਜ ਕਰ ਰੋਪੜ ਸ. ਯਾਦਵਿੰਦਰ ਸਿੰਘ, ਸਹਾਇਕ ਕਮਿਸ਼ਨਰ ਰਾਜ ਕਰ ਸਿਪੂ ਰੋਪੜ ਸ. ਮੇਜਰ ਮਨਮੋਹਨ ਸਿੰਘ, ਰਾਜ ਕਰ ਅਫ਼ਸਰ ਸ. ਪਰਮਿੰਦਰ ਸਿੰਘ, ਰਾਜ ਕਰ ਅਫ਼ਸਰ ਸ਼੍ਰੀ ਰਜਨੀ ਮੁਖੇਜਾ, ਰਾਜ ਕਰ ਅਫ਼ਸਰ ਸ਼੍ਰੀ ਰਜਨੀਸ਼ ਸੈਣੀ, ਆਬਕਾਰੀ ਅਫ਼ਸਰ ਸ਼੍ਰੀ ਸ਼ੇਖਰ ਅਤੇ ਸਟਾਫ਼ ਤੋਂ ਇਲਾਵਾ ਪ੍ਰਧਾਨ ਵਪਾਰ ਮੰਡਲ ਜ਼ਿਲ੍ਹਾ ਰੂਪਨਗਰ ਸ. ਨਵਦੀਪ ਸਿੰਘ ਟੋਨੀ, ਪ੍ਰਧਾਨ ਵਪਾਰ ਮੰਡਲ ਰੋਪੜ ਸ਼ਹਿਰ ਸ. ਪਰਵਿੰਦਰਪਾਲ ਸਿੰਘ ਬਿੰਟਾ, ਪ੍ਰਧਾਨ ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਸ਼੍ਰੀ ਦੀਪਕ ਆਂਗਰਾ, ਪ੍ਰਧਾਨ ਵਪਾਰ ਮੰਡਲ ਮੋਰਿੰਡਾ ਸ. ਮਨਜੀਤ ਸਿੰਘ ਭਾਟੀਆ ਅਤੇ ਪ੍ਰਧਾਨ ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਸ. ਇੰਦਰਜੀਤ ਸਿੰਘ ਅਰੋੜਾ ਵੀ ਹਾਜ਼ਰ ਸਨ।
ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

Leave a Reply

Your email address will not be published. Required fields are marked *