ਚੰਡੀਗੜ੍ਹ 3 ਨਵੰਬਰ (ਖ਼ਬਰ ਖਾਸ ਬਿਊਰੋ)
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਪੁਰਾਣੀ ਸੈਨਟ ਤੇ ਸਿੰਡੀਕੇਟ ਨੂੰ ਭੰਗ ਕਰਨ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਇਸੇ ਮਾਮਲੇ ਨੂੰ ਲੈ ਕੇ ਬਸਪਾ ਦੇ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਅੱਜ ਸੋਮਵਾਰ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਇਸ ਮੁੱਦੇ ’ਤੇ ਅੰਦੋਲਨ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਬਸਪਾ ਪੰਜਾਬ ਅਤੇ ਵਿਦਿਆਰਥੀਆਂ ਦੇ ਹੱਕਾਂ ਦੀ ਰਾਖੀ ਲਈ ਇਸ ਸੰਘਰਸ਼ ਵਿੱਚ ਡਟ ਕੇ ਸਾਥ ਦੇਵੇਗੀ।
ਇਸ ਮੌਕੇ ਗੱਲਬਾਤ ਕਰਦੇ ਹੋਏ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਪੁਰਾਣੀ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਨ ਦਾ ਫੈਸਲਾ ਬੇਹੱਦ ਨਿੰਦਣਯੋਗ ਹੈ। ਇਹ ਭਾਰਤੀ ਸੰਵਿਧਾਨ ਦੀ ਸੰਵਿਧਾਨਕ ਵਿਵਸਥਾ ’ਤੇ ਸਿੱਧਾ ਹਮਲਾ ਹੈ ਤੇ ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਕੋਲੋਂ ਖੋਹਣ ਦੀ ਇੱਕ ਸਾਜਿਸ਼ ਹੈ। ਕੇਂਦਰ ਸਰਕਾਰ ਇਸ ਫੈਸਲੇ ਨੂੰ ਤੁਰੰਤ ਵਾਪਸ ਲਵੇ ਤੇ ਪਹਿਲਾਂ ਵਾਲੀ ਸਥਿਤੀ ਬਹਾਲ ਕਰੇ।
ਡਾ ਕਰੀਮਪੁਰੀ ਨੇ ਇਹ ਵੀ ਕਿਹਾ ਕਿ ਭਾਜਪਾ ਤੋਂ ਪਹਿਲਾਂ ਕਾਂਗਰਸ ਸਰਕਾਰਾਂ ਵੀ ਪੰਜਾਬ ਦੇ ਹੱਕਾਂ ’ਤੇ ਡਾਕੇ ਮਾਰਦੀਆਂ ਰਹੀਆਂ ਹਨ। ਪੰਜਾਬ ਨੇ ਪਹਿਲਾਂ 1947 ਦੀ ਵੰਡ ਦੇਖੀ, ਫਿਰ 1966 ਵਿੱਚ ਉਸਨੂੰ ਵੰਡਿਆ ਗਿਆ ਤੇ ਫਿਰ ਉਸਦੇ ਪਾਣੀ ਵੀ ਖੋਹ ਲਏ ਗਏ। ਪਿਛਲੇ 78 ਸਾਲਾਂ ਤੋਂ ਬਣਦੀਆਂ ਆ ਰਹੀਆਂ ਸਰਕਾਰਾਂ ਨੇ ਪੰਜਾਬ ਨਾਲ ਬੇਇਨਸਾਫੀਆਂ ਕੀਤੀਆਂ। ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਲੋਕ ਬਸਪਾ ਦੀ ‘ਪੰਜਾਬ ਸੰਭਾਲੋ’ ਮੁਹਿੰਮ ਦਾ ਹਿੱਸਾ ਬਣਨ, ਤਾਂਕਿ ਲੋਕਤੰਤਰਿਕ ਵਿਵਸਥਾ ਨੂੰ ਬਹਾਲ ਕਰਕੇ ਲੋਕਹਿੱਤਾਂ ਦੀ ਰਾਖੀ ਕੀਤੀ ਜਾ ਸਕੇ। ਇਸ ਮੌਕੇ ਬਸਪਾ ਦੇ ਚੰਡੀਗੜ੍ਹ ਦੇ ਪ੍ਰਧਾਨ ਬ੍ਰਿਜਪਾਲ, ਹਰਜਿੰਦਰ ਕੌਰ ਕਰੀਮਪੁਰੀ ਸਮੇਤ ਕਈ ਬਸਪਾ ਆਗੂ ਵੀ ਮੌਜ਼ੂਦ ਸਨ।