SGPC ਪ੍ਰਧਾਨ ਧਾਮੀ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ’ਚ ਸ਼ਾਮਲ ਹੋਏ, ਸੰਘਰਸ਼ ਦਾ ਕੀਤਾ ਸਮਰਥਨ

ਚੰਡੀਗੜ੍ਹ, 7 ਨਵੰਬਰ (ਖ਼ਬਰ ਖਾਸ ਬਿਊਰੋ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਵਿਦਿਆਰਥੀਆਂ ਵੱਲੋਂ ਚੱਲ ਰਹੇ ‘ਪੰਜਾਬ ਯੂਨੀਵਰਸਿਟੀ ਬਚਾਓ’ ਮੋਰਚੇ ਵਿਚ ਸ਼ਾਮਲ ਹੋਏ ਅਤੇ ਉਨ੍ਹਾਂ 10 ਨਵੰਬਰ ਨੂੰ ਮੋਰਚੇ ਵੱਲੋਂ ਕੀਤੇ ਜਾ ਰਹੇ ਇਕੱਠ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਾਡੀ ਉਹ ਵਿਰਾਸਤ ਹੈ, ਜਿਸ ਨੇ ਸੱਭਿਆਚਾਰ ਅਤੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਵੱਡੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਦੀ ਇਹ ਖਾਸੀਅਤ ਰਹੀ ਹੈ ਕਿ ਇਸ ਦੇ ਸੈਨੇਟ ਅਤੇ ਸਿੰਡੀਕੇਟ ਵੱਖ-ਵੱਖ ਖੇਤਰਾਂ ਵਿੱਚੋਂ ਲੋਕਤੰਤਰਿਕ ਪ੍ਰਕਿਰਿਆ ਨਾਲ ਚੁਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੁਕਵੇਂ ਤਰੀਕੇ ਨਾਲ ਇਸ ਦੀਆਂ ਪ੍ਰੰਪਰਾਵਾਂ ਨੂੰ ਖ਼ਤਮ ਕਰਕੇ ਇਸ ਨੂੰ ਪੂਰੀ ਤਰ੍ਹਾਂ ਆਪਣੇ ਅਧੀਨ ਕਰਨਾ ਚਾਹੁੰਦੀ ਹੈ, ਜੋ ਪੰਜਾਬ ਬੇਇਨਸਾਫ਼ੀ ਹੈ। ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਪੰਜਾਬ ਦੇ ਹੱਕਾਂ ਹਿੱਤਾਂ ਦੀ ਤਰਜ਼ਮਾਨੀ ਕਰਦੀ ਰਹੇਗੀ ਅਤੇ ਸੰਘਰਸ਼ ਵਿਚ ਹਰ ਪੱਧਰ ’ਤੇ ਸਹਿਯੋਗ ਵੀ ਕਰੇਗੀ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਉਨ੍ਹਾਂ ਕਿਹਾ ਕਿ 10 ਨਵੰਬਰ ਦੇ ਇਕੱਠ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ, ਉਥੇ ਹੀ ਲੋੜੀਂਦੇ ਪ੍ਰਬੰਧ ਵੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਹੱਕਾਂ ਦਾ ਮਾਮਲਾ ਹੈ, ਜਿਸ ਪ੍ਰਤੀ ਹਰ ਪੰਜਾਬੀ ਤੇ ਸੰਸਥਾ ਦੀ ਜ਼ੁੰਮੇਵਾਰੀ ਹੈ ਕਿ ਉਹ ਇਸ ਸੰਘਰਸ਼ ਵਿਚ ਸ਼ਾਮਲ ਹੋਵੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਬੀਤੇ ਦਿਨੀਂ ਆਪਣੇ ਜਨਰਲ ਇਜਲਾਸ ਵਿਚ ਵੀ ਸਰਕਾਰ ਦੀ ਇਸ ਬੇਇਨਸਾਫ਼ੀ ਖ਼ਿਲਾਫ਼ ਮਤਾ ਪਾਸ ਕਰਦਿਆਂ ਅਜਿਹੀਆਂ ਕਾਰਵਾਈਆਂ ਨੂੰ ਤੁਰੰਤ ਰੋਕਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜਥੇਬੰਦੀਆਂ ਇਸ ਹੋ ਰਹੀ ਬੇਇਨਸਾਫ਼ੀ ਦੇ ਖਿਲਾਫ਼ ਸੰਘਰਸ਼ ਕਰ ਰਹੀਆਂ ਹਨ, ਜਿਸ ਦੀ ਉਹ ਪੂਰਨ ਤੌਰ ’ਤੇ ਹਮਾਇਤ ਕਰਦੇ ਹਨ ਅਤੇ ਕਰਦੇ ਰਹਿਣਗੇ। ਐਡਵੋਕੇਟ ਧਾਮੀ ਨੇ ਪੰਜਾਬ ਦੇ ਲੋਕਾਂ ਅਤੇ ਸਿਆਸੀ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿਰਾਸਤ ਨੂੰ ਬਚਾਉਣ ਲਈ ਅੱਗੇ ਆਉਣ ਅਤੇ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦਾ ਹਿੱਸਾ ਬਣਨ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਮੈਂਬਰ ਸ. ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲ, ਸਕੱਤਰ ਇੰਜੀ: ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਲਖਬੀਰ ਸਿੰਘ, ਅਕਾਲੀ ਆਗੂ ਸ. ਸੰਦੀਪ ਸਿੰਘ ਸੀਕਰੀ ਅਤੇ ਗੁਰਦੁਆਰਾ ਬਾਗ ਸ਼ਹੀਦਾਂ ਚੰਡੀਗੜ੍ਹ ਦੇ ਮੈਨੇਜਰ ਸ. ਸੁਖਵਿੰਦਰ ਸਿੰਘ ਸਮੇਤ ਹੋਰ ਹਾਜ਼ਰ ਸਨ।

Leave a Reply

Your email address will not be published. Required fields are marked *