ਚੰਡੀਗੜ੍ਹ 2 ਦਸੰਬਰ ( ਖ਼ਬਰ ਖਾਸ ਬਿਊਰੋ)
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਠੇਕਾ ਕਾਮਿਆਂ ਦੇ ਸੰਘਰਸ਼ ਦੀ ਹਿਮਾਇਤ ਕੀਤੀ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਾਇਆ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਨੇ ਆਪਣੇ ਕਾਰਕਾਲ ਦੇ ਪੌਣੇ ਚਾਰ ਸਾਲਾਂ ਵਿੱਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਅਜੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ। ਇਸ ਲਈ ਭਗਵੰਤ ਮਾਨ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਹੈ।
ਉਨ੍ਹਾਂ ਮੰਗ ਕੀਤੀ ਹੈ ਕਿ ਚੋਣ ਵਾਅਦੇ ਮੁਤਾਬਕ ਸਮੂਹ ਠੇਕਾ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ ਅਤੇ ਉਨ੍ਹਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਦਿੱਤੀ ਜਾਵੇ। ਸੰਘਰਸ਼ ਦੀਆਂ ਹੋਰ ਹੱਕੀ ਮੰਗਾਂ ਵੀ ਪ੍ਰਵਾਨ ਕੀਤੀਆਂ ਜਾਣ ਅਤੇ ਤੁਰੰਤ ਲਾਗੂ ਕੀਤੀਆਂ ਜਾਣ।ਸ੍ਰੀ ਉਗਰਾਹਾਂ ਵੱਲੋਂ ਕਿਸਾਨਾਂ ਨੂੰ ਠੇਕਾ ਕਾਮਿਆਂ ਦੇ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ ਹੈ।