ਗੈਰ ਵਿੱਦਿਅਕ ਕੰਮਾਂ ‘ਤੇ ਰੋਕ ਦੇ ਪੰਜਾਬ ਸਰਕਾਰ ਦੇ ਦਾਅਵੇ ਖੋਖਲੇ: ਡੀ ਟੀ ਐੱਫ
ਚੰਡੀਗੜ੍ਹ, 20 ਦਸੰਬਰ (ਖ਼ਬਰ ਖਾਸ ਬਿਊਰੋ)
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਪ੍ਰੈੱਸ ਸਕੱਤਰ ਪਵਨ ਕੁਮਾਰ ਨੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵੱਲੋਂ ਕੰਪਿਊਟਰ ਅਧਿਆਪਕਾਂ ਤੋਂ ਪੜ੍ਹਾਈ ਦਾ ਕੰਮ ਛਡਵਾ ਕੇ ਅਸਲਾ ਲਾਇਸੰਸ ਦੇ ਬੈਕਲਾਗ ਦੀ ਡਾਟਾ ਐਂਟਰੀ ਦਾ ਕੰਮ ਕਰਾਉਣ ਤੇ ਸਖ਼ਤ ਇਤਰਾਜ਼ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਤੋਂ ਪੂਰਾ ਸਾਲ ਗੈਰ ਵਿੱਦਿਅਕ ਕੰਮ ਲਏ ਜਾਂਦੇ ਹਨ।
ਸਿੱਖਿਆ ਕ੍ਰਾਂਤੀ ਅਤੇ ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਤੋਂ ਛੁਟਕਾਰਾ ਦਿਵਾਉਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਨੇ ਅਸਲ ਵਿੱਚ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਪੂਰਾ ਸਾਲ ਹੀ ਗੈਰ ਵਿੱਦਿਅਕ ਕੰਮਾਂ ਵਿੱਚ ਉਲਝਾਈ ਰੱਖਿਆ ਹੈ। ਇੰਨ੍ਹਾਂ ਗੈਰ ਵਿੱਦਿਅਕ ਕੰਮਾਂ ਵਿੱਚ ਬੀ ਐੱਲ ਓ ਦੀ ਡਿਊਟੀ, ਪਰਾਲੀ ਸਾੜਨ ਤੋਂ ਰੋਕਣ ਸਬੰਧੀ ਡਿਊਟੀ, ਸਿੱਖਿਆ ਕ੍ਰਾਂਤੀ ਦੇ ਨਾਂ ਹੇਠ ਕੀਤੇ ਜਾਂਦੇ ਰਾਜਨੀਤਕ ਇਕੱਠ ਲਈ ਜਾਂਦੀਆਂ ਬੱਸਾਂ ਵਿੱਚ ਅਧਿਆਪਕਾਂ ਦੀ ਡਿਊਟੀ ਆਦਿ ਨੇ ਪੰਜਾਬ ਸਰਕਾਰ ਦੇ ਗੈਰ ਵਿੱਦਿਅਕ ਕੰਮਾਂ ਤੋਂ ਛੁਟਕਾਰਾ ਦਿਵਾਉਣ ਦੇ ਝੂਠੇ ਦਾਅਵੇ ਦੀ ਫੂਕ ਕੱਢੀ ਹੋਈ ਹੈ। ਪਿਛਲੇ ਸਾਲਾਂ ਵਿੱਚ ਅਧਿਆਪਕਾਂ ਤੋਂ ਲਏ ਜਾਣ ਵਾਲੇ ਗੈਰ ਵਿੱਦਿਅਕ ਕੰਮਾਂ ਵਿੱਚ ਹੋਏ ਅਥਾਹ ਵਾਧੇ ਕਰਕੇ ਅਤੇ ਅਧਿਆਪਨ ਜਿਹੇ ਸੰਵੇਦਨਸ਼ੀਲ ਕਿੱਤੇ ਨੂੰ ਡਾਟਾ ਐਂਟਰੀ ਕਰਨ ਦੇ ਕਿੱਤੇ ਵਿੱਚ ਤਬਦੀਲ ਕਰਨ ਅਤੇ ਅਧਿਆਪਕਾਂ ਨੂੰ ਸਿੱਖਿਆ ਦੇਣ ਦੇ ਉਨ੍ਹਾਂ ਦੇ ਅਸਲ ਕੰਮ ਤੋਂ ਦੂਰ ਕਰਕੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਪੰਜਾਬ ਸਰਕਾਰ ਅਤੇ ਇਸਦੇ ਸਿੱਖਿਆ ਵਿਭਾਗ ਤੇ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੀ ਹੀ ਕੈਬਨਿਟ ਮੀਟਿੰਗ ਵਿੱਚ ਕੀਤੇ ਫੈਸਲੇ ਅਨੁਸਾਰ ਰਾਜ ਦੀ ਸਿੱਖਿਆ ਨੀਤੀ ਬਣਾਉਣ ਵੱਲ ਕੋਈ ਯਤਨ ਨਹੀਂ ਕੀਤਾ ਜਾ ਰਿਹਾ ਸਗੋਂ ਕੇਂਦਰ ਸਰਕਾਰ ਦੀ ਨਿੱਜੀਕਰਨ ਅਤੇ ਭਗਵੇਂਕਰਨ ਨੂੰ ਉਤਸ਼ਾਹਿਤ ਕਰਨ ਵਾਲੀ ਗੈਰ ਵਿਗਿਆਨਕ ਸਿੱਖਿਆ ਨੀਤੀ ਨੂੰ ਲਾਗੂ ਕੀਤਾ ਜਾ ਰਿਹਾ ਹੈ। ਪੰਜਾਬ ਦਾ ਸਿੱਖਿਆ ਵਿਭਾਗ ਆਪਣੇ ਅਧੀਨ ਆਉਂਦੇ ਸਕੂਲਾਂ ਲਈ ਪਿਛਲੇ ਕਈ ਸਾਲਾਂ ਤੋਂ ਵਿੱਦਿਅਕ ਕੈਲੰਡਰ ਜਾਰੀ ਕਰਨ ਵਿੱਚ ਅਸਫਲ ਰਿਹਾ ਹੈ, ਜਿਸ ਨਾਲ ਯੋਜਨਾਬੰਦੀ ਦੀ ਘਾਟ ਕਾਰਨ ਸਕੂਲਾਂ ਵਿੱਚ ਗੈਰ ਯੋਜਨਾ ਬੱਧ ਅਤੇ ਗੈਰ ਵਿੱਦਿਅਕ ਗਤੀਵਿਧੀਆਂ ਦੀ ਬਹੁਤਾਤ ਹੋ ਗਈ ਹੈ। ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਨੂੰ ਸਾਰੀਆਂ ਗੈਰ ਵਿੱਦਿਅਕ ਡਿਊਟੀਆਂ ਤੋਂ ਛੋਟ ਦੇਵੇ, ਆਪਣੀ ਸਿੱਖਿਆ ਨੀਤੀ ਜਾਰੀ ਕਰੇ ਅਤੇ ਸਿੱਖਿਆ ਵਿਭਾਗ ਵਿੱਦਿਅਕ ਸੈਸ਼ਨ ਦੇ ਸ਼ੁਰੂ ਵਿੱਚ ਵਿੱਦਿਅਕ ਕੈਲੰਡਰ ਜਾਰੀ ਕਰੇ।