ਮਗਨਰੇਗਾ ਦਾ ਸਿਰਫ ਨਾਮ ਬਦਲਣ ਨਾਲ ਜਮੀਨੀ ਪੱਧਰ ‘ਤੇ ਕੋਈ ਬਹੁਤ ਫਰਕ ਨਹੀਂ ਪੈਣਾ: ਮੁੱਖ ਮੰਤਰੀ 

ਸੰਗਰੂਰ, 22 ਦਸੰਬਰ (ਖ਼ਬਰ ਖਾਸ ਬਿਊਰੋ)
ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਜਮੀਨੀ ਪੱਧਰ ‘ਤੇ ਲੋਕਾਂ ਨਾਲ ਗੱਲਬਾਤ ਦੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਇਸ ਕਦਮ ਦਾ ਉਦੇਸ ਪਿੰਡਾਂ ਲਈ ਸਹਿਰਾਂ ਦੇ ਬਰਾਬਰ ਵਿਸਵ ਪੱਧਰੀ ਨਾਗਰਿਕ ਸਹੂਲਤਾਂ ਯਕੀਨੀ ਬਣਾਉਣਾ ਹੈ।

ਤਾੜੀਆਂ ਦੀ ਗੂੰਜ ਵਿੱਚ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿੰਡਾਂ ਦਾ ਸੰਪੂਰਨ ਵਿਕਾਸ ਸਮੇਂ ਦੀ ਲੋੜ ਹੈ ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਪਹਿਲਾਂ ਹੀ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਵਿਸਾਲ ਕਾਰਜ ਆਮ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ।

ਲੋਕਾਂ ਨਾਲ ਭਾਵਨਾਤਮਕ ਸਾਂਝ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਅਤੇ ਉਨ੍ਹਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਰਾਜ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੰਮ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਲੋਕਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੇ ਠੋਸ ਯਤਨਾਂ ਵਿੱਚ ਉਨ੍ਹਾਂ ਦਾ ਪੂਰਾ ਸਹਿਯੋਗ ਰਹੇ। ਉਨ੍ਹਾਂ ਕਿਹਾ ਕਿ ਸੂਬੇ ਦੀ ਵੱਡੀ ਗਿਣਤੀ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ, ਇਸ ਲਈ ਸੂਬਾ ਸਰਕਾਰ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਜੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਸਹਿਰਾਂ ਦੇ ਬਰਾਬਰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਸਰਗਰਮੀਆਂ ਦਾ ਇੱਕੋ-ਇੱਕ ਉਦੇਸ ਸੂਬੇ ਅਤੇ ਖਾਸ ਕਰਕੇ ਪਿੰਡਾਂ ਦੇ ਚੱਲ ਰਹੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਇੱਕ ਰੋਡ ਮੈਪ ਤਿਆਰ ਕਰਨਾ ਹੈ।

ਪੇਂਡੂ ਖੇਤਰਾਂ ਦੇ ਵਿਆਪਕ ਵਿਕਾਸ ‘ਤੇ ਜੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਕਾਰਜ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਕਈ ਪ੍ਰੋਜੈਕਟਾਂ ਨੂੰ ਮਨਜੂਰੀ ਦੇ ਦਿੱਤੀ ਹੈ। ਉਨ੍ਹਾਂ ਨੇ ਵਿਕਾਸ ਦੀ ਗਤੀ ਨੂੰ ਹੋਰ ਤੇਜ ਕਰਨ ਲਈ ਪੇਂਡੂ ਬੁਨਿਆਦੀ ਢਾਂਚੇ ਦੀ ਮਜਬੂਤੀ  ਲਈ ਆਮ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ।

ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਪੰਜਾਬ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕੂੜੇ ਦੇ ਢੇਰ, ਸਟਰੀਟ ਲਾਈਟਾਂ, ਸੀਵਰੇਜ ਦੀਆਂ ਸਮੱਸਿਆਵਾਂ ਨਾਲ ਸਬੰਧਤ ਜਾਂ ਹੋਰ ਸਾਰੇ ਮੁੱਦੇ ਜਲਦੀ ਹੀ ਹੱਲ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਭਰ ਵਿੱਚ ਬੇਮਿਸਾਲ ਵਿਕਾਸ ਹੋਇਆ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਕਦੇ ਵੀ ਫੰਡਾਂ ਦੀ ਘਾਟ ਬਾਰੇ ਕੋਈ ਸ਼ਿਕਾਇਤ ਨਹੀਂ ਕੀਤੀ। ਪਿਛਲੀਆਂ ਸਰਕਾਰਾਂ ਦੇ ਉਲਟ, ਜਿਨ੍ਹਾਂ ਨੇ ਸੂਬੇ ਨੂੰ ਕਰਜੇ ਦੇ ਮਕੜ-ਜਾਲ ਵਿੱਚ ਫਸਾਇਆ ਕੇ ਰੱਖ ਦਿੱਤਾ, ਉਨ੍ਹਾਂ ਦੀ ਸਰਕਾਰ ਕੰਮ ਦੇ ਨਾਲ-ਨਾਲ ਕਰਜੇ ਉਤਾਰਨ ‘ਚ ਵੀ ਯਕੀਨ ਰੱਖਦੀ ਹੈ।

ਹੋਰ ਪੜ੍ਹੋ 👉  ਨਵਜਾਤ ਬੱਚਿਆ ਦੀ ਮੌਤ ਦੇ ਕਾਰਨ ਲੱਭਣ ਦੇ ਨਿਰਦੇਸ਼

ਇਸ ਬਾਰੇ ਵੱਖ-ਵੱਖ ਉਦਾਹਰਣਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬਿਜਲੀ ਬੋਰਡ ਨੂੰ ਘਾਟੇ ਵਿੱਚੋਂ ਕੱਢਿਆ, ਖੰਡ ਮਿੱਲਾਂ ਦੇ, ਮਾਰਕਫੈੱਡ ਦੇ ਅਤੇ ਹੋਰ ਕਰਜੇ ਚੁਕਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਈ ਸਾਰੇ ਪੁਰਾਣੇ ਕਰਜ਼ਿਆਂ ਦਾ ਵੀ ਢੁਕਵਾਂ ਪ੍ਰਬੰਧਨ ਕਰ ਰਹੀ ਹੈ ਤਾਂ ਜੋ ਕਿਸੇ ਵੀ ਨਵੇਂ ਵਿਕਾਸ ਪ੍ਰੋਜੈਕਟ ਨੂੰ ਰੋਕੇ ਬਿਨਾਂ ਪੁਰਾਣੀਆਂ ਦੇਣਦਾਰੀਆਂ ਨੂੰ ਨਿਪਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ 58,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ, ਸਕੂਲਾਂ ਦੀਆਂ ਨਵੀਆਂ ਇਮਾਰਤਾਂ ਦਾ ਨਿਰਮਾਣ ਕੀਤਾ ਹੈ  ਅਤੇ 43,000 ਕਿਲੋਮੀਟਰ ਸੜਕਾਂ ਬਣਾਈਆਂ ਗਈਆਂ ਹਨ, ਜੋ ਸਿਰਫ਼ ਸੂਬਾ ਸਰਕਾਰ ਵੱਲੋਂ ਖ਼ਰਚਿਆਂ ਦਾ ਵਿੱਤੀ ਸੂਝ-ਬੂਝ ਨਾਲ ਪ੍ਰਬੰਧਨ ਕਰਨ ਨਾਲ ਹੀ ਸੰਭਵ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸੇ ਨੇ ਇਹ ਖ਼ਬਰ ਨਹੀਂ ਸੁਣੀ ਸੀ ਕਿ ਸੂਬੇ ਦੇ ਵਿਦਿਆਰਥੀ ਪਾਇਲਟ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਵਿਸਵ ਪੱਧਰੀ ਸਿਖਲਾਈ ਦੇਣ ਦੇ ਉਦੇਸ਼ ਲਈ ਸੱਤ ਜਹਾਜ ਖਰੀਦੇ ਹਨ ਤਾਂ ਜੋ ਉਹ ਉੱਚੇ ਅਹੁਦੇ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸੁਪਨੇ ਦੇਖਣ ਦਾ ਹੱਕ ਹੈ ਨਾ ਕਿ ਸਿਰਫ ਅਮੀਰ ਵਰਗ ਨੂੰ, ਇਸ ਲਈ ਸਰਕਾਰ ਵੱਲੋਂ ਸਿਰਫ ਅਮੀਰਾਂ ਨੂੰ ਹੀ ਨਹੀਂ ਸਗੋਂ ਆਮ ਲੋਕਾਂ ਨੂੰ ਲਾਭ ਪ੍ਰਦਾਨ ਕੀਤੇ ਜਾ ਰਹੇ ਹਨ।

ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸਦ ਅਤੇ ਬਲਾਕ ਸੰਮਤੀ ਮੈਂਬਰਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਸਿਰਫ 10-15 ਦਿਨਾਂ ਲਈ ਹੁੰਦੀਆਂ ਹਨ ਪਰ ਇੱਕ ਵਾਰ ਚੁਣੇ ਜਾਣ ਤੋਂ ਬਾਅਦ, ਇਹ ਚੁਣੇ ਹੋਏ ਨੁਮਾਇੰਦੇ ਸਾਰਿਆਂ ਪਾਰਟੀਆਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਚੁਣੇ ਹੋਏ ਮੈਂਬਰ ਉਨ੍ਹਾਂ ਲੋਕਾਂ ਦੀ ਵੀ ਨੁਮਾਇੰਦਗੀ ਕਰਦੇ ਹਨ ਜਿਹਨਾਂ ਨੇ ਉਨ੍ਹਾਂ ਨੂੰ ਵੋਟ ਨਹੀਂ ਪਾਈ, ਇਸ ਲਈ ਇਹ ਉਨ੍ਹਾਂ ਦਾ ਫਰਜ ਹੈ ਕਿ ਉਹ ਮਿਸਨਰੀ ਜੋਸ ਨਾਲ ਸਾਰੇ ਲੋਕਾਂ ਦੀ ਸੇਵਾ ਕਰਨ। ਉਨ੍ਹਾਂ ਕਿਹਾ ਕਿ ਸਾਰੇ ਲੋਕਾਂ ਦੀ ਭਲਾਈ ਲਈ ਕੰਮ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਪੰਜਾਬ ਨੂੰ ਹੋਰ ਬੁਲੰਦੀਆਂ ‘ਤੇ ਲੈ ਜਾਇਆ ਜਾ ਸਕੇ ਅਤੇ ਹਰ ਖੇਤਰ ਵਿੱਚ ਮੋਹਰੀ ਬਣਾਇਆ ਜਾ ਸਕੇ।

ਹੋਰ ਪੜ੍ਹੋ 👉  ਹਾਰ ਤੋਂ ਬੌਖਲਾਏ ਕਾਂਗਰਸ ਅਤੇ ਅਕਾਲੀ ਬਹਾਨਿਆਂ ਦਾ ਸਹਾਰਾ ਲੈ ਰਹੇ ਹਨ: ਪੰਨੂ

ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਭਿ੍ਰਸਟਾਚਾਰ ਦੇ ਖਤਰੇ ਨਾਲ ਨਜਿੱਠਣ ਲਈ ਜੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਜਿਸ ਕਾਰਨ ਕਈ ਸੁਧਾਰ ਕੀਤੇ ਗਏ ਹਨ। ਜਾਇਦਾਦ ਰਜਿਸਟ੍ਰੇਸਨ ਦੀ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਹੁਣ ਇਹ ਪ੍ਰਕਿਰਿਆ ਬਹੁਤ ਆਸਾਨ ਹੋ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇੰਤਕਾਲ ਜਾਂ ਡੀਡ ਵੈਰੀਫਿਕੇਸਨ ਲਈ ਦਫਤਰਾਂ ਵਿੱਚ ਨਹੀਂ ਜਾਣਾ ਪੈਂਦਾ ਕਿਉਂਕਿ ਇਹ ਸੇਵਾਵਾਂ ਹੁਣ ਆਨਲਾਈਨ ਉਪਲਬਧ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸਿਰਫ ਫੋਟੋ ਲਈ ਸਬ-ਰਜਿਸਟਰਾਰ ਦਫਤਰ ਜਾਣਾ ਪੈਂਦਾ ਹੈ ਅਤੇ 15-20 ਮਿੰਟਾਂ ਦੇ ਅੰਦਰ ਉਨ੍ਹਾਂ ਦੀ ਰਜਿਸਟ੍ਰੇਸਨ ਹੋ ਜਾਂਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਕਈ ਸੇਵਾਵਾਂ ਆਨਲਾਈਨ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਭਿ੍ਰਸਟਾਚਾਰ ਦੇ ਮਾਮਲਿਆਂ ਵਿੱਚ ਕਾਫੀ ਕਮੀ ਆਈ ਹੈ ਅਤੇ ਲੋਕਾਂ ਨੂੰ ਹੁਣ ਆਰ.ਟੀ.ਓ. ਦਫਤਰ ਦੇ ਚੱਕਰ ਨਹੀਂ ਲਗਾਉਣੇ ਪੈਂਦੇ ਅਤੇ ਉਹ ਆਪਣੇ ਲਾਇਸੈਂਸਾਂ ਨੂੰ ਆਨਲਾਈਨ ਰੀਨਿਊ ਜਾਂ ਅਪਗ੍ਰੇਡ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਕਾਰਨ, ਭਿ੍ਰਸਟਾਚਾਰ ਦੀਆਂ ਜੜ੍ਹਾਂ ਕਾਫ਼ੀ ਡੂੰਘੀਆਂ ਹੋ ਗਈਆਂ ਸਨ, ਪਰ ਸੂਬਾ ਸਰਕਾਰ ਵੱਲੋਂ ਇਹਨਾਂ ਜੜ੍ਹਾਂ ਨੂੰ ਪੁੱਟਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਵੀ ਰਾਤੋ-ਰਾਤ ਖਤਮ ਨਹੀਂ ਹੁੰਦਾ, ਪਰ ਸੂਬਾ ਸਰਕਾਰ ਪੰਜਾਬ ਨੂੰ ਭਿ੍ਰਸਟਾਚਾਰ ਮੁਕਤ ਬਣਾਉਣ ਲਈ ਪੂਰੀ ਕੋਸ਼ਿਸ ਕਰ ਰਹੀ ਹੈ।

ਹਾਲ ਹੀ ਵਿੱਚ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦਾ ਨਾਮ ਬਦਲਣ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਮ ਬਦਲਣ ਨਾਲ ਕੋਈ ਫਰਕ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਨਾਮ ਬਦਲਣ ਨਾਲ ਗਰੀਬਾਂ ਦਾ ਪੇਟ ਨਹੀਂ ਭਰਦਾ ਪਰ ਦਿਹਾੜੀਦਾਰ ਮਜਦੂਰ ਸਿਰਫ ਇਸ ਗੱਲ ਦੀ ਪਰਵਾਹ ਕਰਦੇ ਹਨ ਕਿ ਉਨ੍ਹਾਂ ਨੂੰ ਕੰਮ ਮਿਲਦਾ ਰਹੇ ਤਾਂ ਜੋ ਉਹ ਆਪਣੇ ਪਰਿਵਾਰ ਨੂੰ ਪਾਲ ਸਕਣ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਇਲਾਹਾਬਾਦ ਦਾ ਨਾਮ ਬਦਲ ਕੇ ਪ੍ਰਯਾਗਰਾਜ ਰੱਖਿਆ ਗਿਆ ਜਾਂ ਜਦੋਂ ਸਰਾਏ ਕਾਲੇ ਖਾਨ ਸਟੇਸਨ ਦਾ ਨਾਮ ਬਦਲ ਕੇ ਦੀਨ ਦਿਆਲ ਉਪਾਧਿਆਏ ਨਗਰ ਰੱਖਿਆ ਗਿਆ ਤਾਂ ਲੋਕਾਂ ਦੇ ਹਿੱਤ ਵਿੱਚ ਸਾਇਦ ਹੀ ਕੋਈ ਬਦਲਾਅ ਦੇਖਿਆ ਗਿਆ ਹੋਵੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੇਹੱਦ ਦੁੱਖ ਦੀ ਗੱਲ ਹੈ ਕਿ ਨਾਮ ਬਦਲਣ ਤੋਂ ਬਾਅਦ ਇਨ੍ਹਾਂ ਸਹਿਰਾਂ ਵਿੱਚ ਸਫਾਈ ਸਬੰਧੀ ਕੋਈ ਸੁਧਾਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸੁਕਰਗੁਜਾਰ ਹੋਣਾ ਚਾਹੀਦਾ ਹੈ ਕਿ ਸ਼ਹਿਰਾਂ ਦੇ ਨਾਮ ਬਦਲਣ ਵਾਲਿਆਂ ਨੇ ਅਜੇ ਤੱਕ ਦੇਸ ਦਾ ਨਾਮ ਨਹੀਂ ਬਦਲਿਆ। ਕਾਂਗਰਸ ‘ਤੇ ਨਿਸਾਨਾ ਬਿਨ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ ਦੀ ਸਭ ਤੋਂ ਪੁਰਾਣੀ ਪਾਰਟੀ ਦੇ ਆਗੂ ਅਜੇ ਵੀ ਨਾਵਾਂ ‘ਤੇ ਬਹਿਸ ਕਰਨ ਵਿੱਚ ਹੀ ਰੁੱਝੇ ਹੋਏ ਹਨ, ਜਦੋਂ ਕਿ ਮੌਜੂਦਾ ਸਰਕਾਰ ਦਾ ਧਿਆਨ ਅਸਲ ਕੰਮਾਂ ਅਤੇ ਮੁੱਦਿਆਂ ਵੱਲ ਹੈ।

ਹੋਰ ਪੜ੍ਹੋ 👉  ਗਰੀਬ ਵਿਰੋਧੀ ਵੀ ਬੀ ਜੀ ਰਾਮ ਜੀ ਕਾਨੂੰਨ ਨੂੰ ਵਾਪਸ ਲਿਆ ਜਾਵੇ: ਸੁਖਬੀਰ ਬਾਦਲ

ਕੇਂਦਰ ਸਰਕਾਰ ਵੱਲੋਂ ਸੂਬੇ ਦੇ ਫੰਡ ਜਾਰੀ ਨਾ ਕਰਨ ਦੀ ਕਰੜੀ ਨਿੰਦਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਗੈਰ-ਕਾਨੂੰਨੀ ਢੰਗ ਨਾਲ ਫੰਡਾਂ ‘ਤੇ ਰੋਕ ਲਗਾ ਦਿੱਤੀ ਹੈ ਜਿਸ ਨਾਲ ਸੂਬਿਆਂ ‘ਤੇ ਬੇਲੋੜਾ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਗੈਰ-ਵਾਜਬ ਅਤੇ ਬੇਲੋੜਾ ਹੈ ਕਿਉਂਕਿ ਇਹ ਦੇਸ ਵਿੱਚ ਸੰਘਵਾਦ ਦੀ ਮੂਲ ਭਾਵਨਾ ਦੇ ਉਲਟ ਹੈ। ਪੰਜਾਬ ਸਰਕਾਰ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਸੂਬੇ ਪ੍ਰਤੀ ਕੇਂਦਰ ਦੇ ਮਤਰੇਈ ਮਾਂ ਵਾਲੇ ਸਲੂਕ ਦਾ ਸਖਤ ਵਿਰੋਧ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਮੁੱਖ ਮੰਤਰੀ ਸਿਹਤ ਯੋਜਨਾ ਸੁਰੂ ਕੀਤੀ ਜਾ ਰਹੀ ਹੈ ਜੋ ਸੂਬੇ ਦੇ 65 ਲੱਖ ਪਰਿਵਾਰਾਂ ਲਈ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਲੋਕ ਸੂਬੇ ਦੇ ਸਰਕਾਰੀ ਅਤੇ ਪ੍ਰਾਇਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਦੀ ਭਲਾਈ ਲਈ ਅਗਲੇ ਬਜਟ ਸੈਸਨ ਵਿੱਚ ਕਈ ਹੋਰ ਲੋਕ ਪੱਖੀ ਯੋਜਨਾਵਾਂ ਪੇਸ਼ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਏ.ਆਈ. ਤਕਨਾਲੋਜੀ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਨਿੰਦਿਆ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਵੀਂ ਤਕਨਾਲੋਜੀ ਦੀ ਖਬਤ ਕਾਰਨ ਉਹ ਆਪਣੇ ਅਸਲ ਕੰਮਾਂ ਤੋਂ ਭਟਕ ਰਹੇ ਹਨ। ਉਨ੍ਹਾਂ ਕਿ ‘ਆਪ‘ ਦੇਸ਼ ਭਰ ਵਿੱਚ ਆਪਣੇ ਪੈਰ ਪਸਾਰ ਰਹੀ ਹੈ ਅਤੇ ਇਸ ਦੇ ਉਲਟ ਅਕਾਲੀ ਦਲ ਸੂਬੇ ਦੇ ਕੁਝ ਹਿੱਸਿਆਂ ਵਿੱਚ ਮਹਿਜ਼ ਦੋ ਜਾਂ ਤਿੰਨ ਸੀਟਾਂ ਹੀ ਪ੍ਰਾਪਤ ਕਰ ਸਕੀ ਹੈ। ਮੰਤਰੀ ਨੇ ਕਿਹਾ ਕਿ ਆਪਣੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਕਾਰਨ ‘ਆਪ‘ ਨੂੰ ਸਮਾਜ ਦੇ ਹਰ ਵਰਗ ਦਾ ਸਮਰਥਨ ਮਿਲਿਆ ਹੈ।

Leave a Reply

Your email address will not be published. Required fields are marked *