ਮੁੱਲਾਂਪੁਰ-ਦਾਖਾ, 28 ਜਨਵਰੀ ( ਖ਼ਬਰ ਖਾਸ ਬਿਊਰੋ)
ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਸੂਬਾਈ ਵਰਕਿੰਗ ਕਮੇਟੀ ਨੇ ਦੇਸ਼ ਭਰ ਵਿੱਚ ਪੱਤਰਕਾਰਾਂ ਖ਼ਿਲਾਫ਼ ਵਧ ਰਹੇ ਫਾਸ਼ੀਵਾਦੀ ਹਮਲਿਆਂ ਅਤੇ ਪ੍ਰੈੱਸ ਦੀ ਅਜ਼ਾਦੀ ਦਾ ਗਲ਼ਾ ਘੁਟਣ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਪੰਜਾਬ ਦੇ ਕਈ ਪੱਤਰਕਾਰਾਂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਜੰਮੂ-ਕਸ਼ਮੀਰ ਵਿੱਚ ਪੱਤਰਕਾਰਾਂ ਦੇ ਘਰਾਂ ਵਿੱਚ ਛਾਪੇਮਾਰੀ ਨੂੰ ਪ੍ਰਗਟਾਵੇ ਦੀ ਅਜ਼ਾਦੀ ਉਪਰ ਹਮਲਾ ਕਰਾਰ ਦਿੱਤਾ ਹੈ।
ਯੂਨੀਅਨ ਦੇ ਪ੍ਰਧਾਨ ਜੈ ਸਿੰਘ ਛਿੱਬਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜਥੇਬੰਦੀ ਦੇ ਚੇਅਰਮੈਨ ਬਲਬੀਰ ਜੰਡੂ, ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਸਕੱਤਰ ਜਨਰਲ ਬਲਵਿੰਦਰ ਜੰਮੂ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਸੂਬਾਈ ਸਕੱਤਰ ਜਨਰਲ ਸੰਤੋਖ ਗਿੱਲ ਨੇ ਦੱਸਿਆ ਕਿ ਡਿਜੀਟਲ ਮੀਡੀਆ ਨਾਲ ਜੁੜੇ ਪੱਤਰਕਾਰਾਂ ਨੂੰ ਜਥੇਬੰਦੀ ਦਾ ਹਿੱਸਾ ਬਣਾਉਣ ਲਈ ਸੁਖਨੈਬ ਸਿੰਘ ਸਿੱਧੂ ਨੂੰ ਪੰਜ ਮੈਂਬਰੀ ਸਬ-ਕਮੇਟੀ ਦਾ ਕਨਵੀਨਰ ਨਿਯੁਕਤ ਕੀਤਾ ਗਿਆ, ਕਮੇਟੀ ਜਲਦੀ ਹੀ ਆਪਣੀ ਰਿਪੋਰਟ ਪੇਸ਼ ਕਰੇਗੀ।
ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਮੀਡੀਆ ਦੀ ਸਥਿਤੀ ਅਤੇ ਸੂਬੇ ਦੇ ਪੱਤਰਕਾਰਾਂ ਦੀਆਂ ਮੰਗਾਂ ਪ੍ਰਤੀ ਸੂਬਾ ਅਤੇ ਕੇਂਦਰ ਸਰਕਾਰ ਦੇ ਰਵਈਏ ਬਾਰੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਸਮਾਗਮ, ਸੈਮੀਨਾਰ ਅਤੇ ਮੀਟਿੰਗਾਂ ਕਰ ਕੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਗਿਆ। ਇੰਡੀਅਨ ਜਰਨਲਿਸਟ ਯੂਨੀਅਨ ਦੇ ਵਿਜੇਵਾੜਾ ਵਿੱਚ ਹੋਣ ਵਾਲੇ ਕੌਮੀ ਸੰਮੇਲਨ ਵਿੱਚ ਪੰਜਾਬ ਦੇ ਇਕ ਦਰਜਨ ਡੈਲੀਗੇਟ ਭਾਗ ਲੈਣਗੇ।
ਗੁਰਤੇਜ ਸਿੰਘ ਸਿੱਧੂ (ਬਠਿੰਡਾ) ਅਤੇ ਮਹਿੰਦਰ ਸਿੰਘ ਰਾਏ (ਬਰਨਾਲਾ) ਨੂੰ ਸੂਬਾ ਵਰਕਿੰਗ ਕਮੇਟੀ ਵਿੱਚ ਵਿਸ਼ੇਸ਼ ਆਮੰਤਰਿਤ ਮੈਂਬਰ ਅਤੇ ਗੁਰਤੇਜ ਸਿੰਘ ਸਿੱਧੂ ਨੂੰ ਮੁਕਤਸਰ ਜ਼ਿਲ੍ਹੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ। ਜਥੇਬੰਦੀ ਦਾ ਹੋਰ ਜ਼ਿਲ੍ਹਿਆਂ ਵਿੱਚ ਵਿਸਥਾਰ ਅਤੇ ਮੈਂਬਰਸ਼ਿਪ ਮੁਹਿੰਮ ਹੋਰ ਤੇਜ਼ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ। 8 ਮਾਰਚ ਨੂੰ ਕੌਮਾਂਤਰੀ ਇਸਤਰੀ ਦਿਵਸ ਮੌਕੇ ਚੰਡੀਗੜ੍ਹ ਸਮੇਤ ਵੱਖ-ਵੱਖ ਥਾਂਵਾਂ ਉਪਰ ਸੈਮੀਨਾਰ ਕਰਨ ਦਾ ਫ਼ੈਸਲਾ ਕੀਤਾ ਗਿਆ। ਹੋਰਨਾ ਤੋਂ ਇਲਾਵਾ ਮੀਤ ਪ੍ਰਧਾਨ ਭੂਸ਼ਨ ਸੂਦ, ਜਥੇਬੰਦਕ ਸਕੱਤਰ ਦਵਿੰਦਰ ਭੰਗੂ, ਜਗਸੀਰ ਸੰਧੂ, ਜਸਵੰਤ ਸਿੰਘ ਥਿੰਦ, ਸਕੱਤਰ ਐਨ.ਪੀ ਧਵਨ, ਵੀਰਪਾਲ ਭਗਤਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਤੀਨਿਧਾਂ ਨੇ ਚਰਚਾ ਵਿੱਚ ਭਾਗ ਲਿਆ।