ਖਡੂਰ ਸਾਹਿਬ, 8 ਫਰਵਰੀ (ਖ਼ਬਰ ਖਾਸ ਬਿਊਰੋ)
ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਗੁਰੂਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠਾ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ), ਖਡੂਰ ਸਾਹਿਬ, ਜ਼ਿਲ੍ਹਾ ਤਰਨਤਾਰਨ ਵਿਖੇ ਮੱਥਾ ਟੇਕ ਕੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਪਾਵਨ ਅਵਸਰ ’ਤੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਸਿਰੋਪਾ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।
ਇਸ ਉਪਰੰਤ ਰਾਜਪਾਲ ਸ਼੍ਰੀ ਕਟਾਰੀਆ ਨਿਸ਼ਾਨੇ ਸਿੱਖੀ ਸੰਸਥਾ, ਖਡੂਰ ਸਾਹਿਬ ਵਿਖੇ ਪਹੁੰਚੇ, ਜਿੱਥੇ ਕਾਰਸੇਵਾ ਵਾਲੇ ਬਾਬਾ ਸੇਵਾ ਸਿੰਘ ਜੀ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਰਾਜਪਾਲ ਨੇ ਇੱਥੇ UPSC, JEE ਸਮੇਤ ਹੋਰ ਮੁਕਾਬਲਾਤੀ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸੇਵਾ ਭਾਵ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਰਾਜਪਾਲ ਨੇ ਨਿਸ਼ਾਨੇ ਸਿੱਖੀ ਸੰਸਥਾ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਨੌਜਵਾਨਾਂ ਨੂੰ ਸਹੀ ਸੇਧ ਦੇ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਮਹੱਤਵਪੂਰਣ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਨੇ ਧਾਰਮਿਕ, ਸਮਾਜਿਕ ਅਤੇ ਸਿੱਖਿਆਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਦੀ ਭਲਾਈ ਲਈ ਅੱਗੇ ਆ ਕੇ ਸਾਂਝੇ ਯਤਨ ਕਰਨ।
ਇਸ ਮੌਕੇ ਰਾਜਪਾਲ ਪੰਜਾਬ ਨੇ ਨਿਸ਼ਾਨੇ ਸਿੱਖੀ ਸੰਸਥਾ ਦੇ ਗਲਿਆਰੇ ਵਿੱਚ ਅੰਬ ਦਾ ਬੂਟਾ ਲਗਾ ਕੇ ਵਾਤਾਵਰਣ ਸੰਰੱਖਣ ਦਾ ਸੰਦੇਸ਼ ਵੀ ਦਿੱਤਾ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ।