ਚੰਡੀਗੜ੍ਹ 5 ਜੁਲਾਈ (ਖ਼ਬਰ ਖਾਸ ਬਿਊਰੋ)
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਡੀਜੀਪੀ ਵੀਕੇ ਭਾਵਰਾ ਦੀ ਪਟੀਸ਼ਨ ‘ਤੇ ਸੁਣਵਾਈ 27 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ। ਮਾਮਲੇ ਦੀ ਸੁਣਵਾਈ ਦੌਰਾਨ ਸਰਕਾਰ ਨੇ ਦਲੀਲ ਦਿੱਤੀ ਕਿ ਭਾਵਰਾ ਸੇਵਾਮੁਕਤ ਹੋ ਚੁੱਕੇ ਹਨ, ਇਸ ਲਈ ਇਸ ਪਟੀਸ਼ਨ ਦੀ ਹੁਣ ਕੋਈ ਮੈਰਿਟ ਨਹੀਂ ਰਹਿ ਗਈ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਸਾਰੀਆਂ ਧਿਰਾਂ ਨੂੰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੰਦਿਆਂ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਹਾਈ ਕੋਰਟ ਨੇ ਇਹ ਹੁਕਮ ਪੰਜਾਬ ਦੇ ਸਾਬਕਾ ਡੀਜੀਪੀ ਵੀਕੇ ਭਾਵਰਾ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਾਰੀ ਕੀਤੇ ਹਨ।
ਭਾਵਰਾ ਨੇ ਆਪਣੀ ਪਟੀਸ਼ਨ ‘ਚ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਵੱਲੋਂ ਜਾਰੀ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ‘ਚ ਕੈਟ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੀ ਨਿਯੁਕਤੀ ਨੂੰ ਬਰਕਰਾਰ ਰੱਖਿਆ ਸੀ ਅਤੇ ਵੀ.ਕੇ. ਭਾਵਰਾ ਨੇ ਗੌਰਵ ਯਾਦਵ ਦੀ ਨਿਯੁਕਤੀ ਨੂੰ ਚੁਣੌਤੀ ਦਿੱਤੀ ਸੀ ਇਸ ਦੇ ਖਿਲਾਫ ਕੈਟ ਨੇ ਕਿਹਾ ਕਿ ਗੌਰਵ ਯਾਦਵ ਦੀ ਡੀਜੀਪੀ ਦੇ ਅਹੁਦੇ ‘ਤੇ ਨਿਯੁਕਤੀ ਯੂਪੀਐਸਸੀ ਦੀਆਂ ਵਿਵਸਥਾਵਾਂ ਅਤੇ ਪ੍ਰਕਿਰਿਆ ਦੇ ਅਨੁਸਾਰ ਨਹੀਂ ਕੀਤੀ ਗਈ ਹੈ, ਇੰਨਾ ਹੀ ਨਹੀਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ‘ਤੇ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ। ਡੀਜੀਪੀ ਦੇ ਅਹੁਦੇ ਲਈ ਤੈਅ ਨਿਯਮਾਂ ਅਨੁਸਾਰ ਨਿਯੁਕਤੀ ਬਾਰੇ ਪਹਿਲਾਂ ਹੀ ਕਿਹਾ ਹੈ।
ਪਟੀਸ਼ਨ ਮੁਤਾਬਕ ਭਾਵਰਾ 1987 ਬੈਚ ਦੇ ਹਨ ਜਦਕਿ ਗੌਰਵ ਯਾਦਵ 1992 ਬੈਚ ਦੇ ਆਈਪੀਐਸ ਅਧਿਕਾਰੀ ਹਨ, ਇਸ ਲਈ ਗੌਰਵ ਯਾਦਵ ਉਨ੍ਹਾਂ ਤੋਂ ਜੂਨੀਅਰ ਹਨ ਅਤੇ ਇਸ ਨਿਯੁਕਤੀ ਵਿੱਚ ਸੀਨੀਆਰਤਾ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਲ-ਨਾਲ ਬਹੁਤ ਸੰਵੇਦਨਸ਼ੀਲ ਵੀ ਹੈ, ਇਸ ਲਈ ਇੱਥੇ ਡੀਜੀਪੀ ਦੇ ਅਹੁਦੇ ‘ਤੇ ਨਿਯੁਕਤੀ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਹੀ ਹੋਣੀ ਚਾਹੀਦੀ ਹੈ। ਕਿਸੇ ਨੂੰ ਵੀ ਕਾਰਜਕਾਰੀ ਡੀਜੀਪੀ ਨਿਯੁਕਤ ਨਹੀਂ ਕੀਤਾ ਜਾਣਾ ਚਾਹੀਦਾ, ਕੈਟ ਨੇ ਭਾਵਰਾ ਦੀ ਪਟੀਸ਼ਨ ਨੂੰ ਖਾਰਜ ਕਰਦਿਆਂ ਕਿਹਾ ਸੀ ਕਿ ਹਾਲਾਂਕਿ ਗੌਰਵ ਯਾਦਵ ਜੁਲਾਈ 2022 ਤੋਂ ਇਸ ਅਹੁਦੇ ‘ਤੇ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨੂੰ ਲਗਭਗ ਦੋ ਸਾਲ ਹੋ ਗਏ ਹਨ, ਪਰ ਪਿਛਲੇ ਸਾਲ ਉਨ੍ਹਾਂ ਦੀ ਨਿਯੁਕਤੀ ਵਿਰੁੱਧ ਪਟੀਸ਼ਨ ਦਾਇਰ ਕੀਤੀ ਗਈ ਸੀ। ਇਹ ਪਟੀਸ਼ਨ ਕਰੀਬ ਇੱਕ ਸਾਲ ਬਾਅਦ ਦਾਇਰ ਕੀਤੀ ਗਈ ਸੀ। ਜਿਸ ਨੂੰ ਪਟੀਸ਼ਨ ਦੇਰ ਨਾਲ ਫਾਈਲ ਕਰਨ ਦੇ ਆਧਾਰ ‘ਤੇ ਖਾਰਜ ਕਰ ਦਿੱਤਾ ਗਿਆ ਸੀ, ਹਾਈ ਕੋਰਟ ‘ਚ ਦਾਇਰ ਪਟੀਸ਼ਨ ‘ਚ ਭਾਵਰਾ ਨੇ ਕਿਹਾ ਸੀ ਕਿ ਕੈਟ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਗਲਤ ਤੱਥਾਂ ਦੇ ਆਧਾਰ ‘ਤੇ ਦੇਰੀ ਨਾਲ ਫਾਈਲ ਕਰਨ ਦੇ ਆਧਾਰ ‘ਤੇ ਰੱਦ ਕਰ ਦਿੱਤਾ ਹੈ, ਜੋ ਕਿ ਉਚਿਤ ਨਹੀਂ ਹੈ। ਅਦਾਲਤ ਨੂੰ ਬੇਨਤੀ ਕੀਤੀ ਗਈ ਸੀ ਕਿ ਕੈਟ ਦੇ ਹੁਕਮ ਨੂੰ ਰੱਦ ਕੀਤਾ ਜਾਵੇ।
ਗੌਰਵ ਯਾਦਵ ਇਸ ਵਕਤ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਹਨ। ਉਹ 1992 ਬੈਚ ਦਾ ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀ ਹੈ ਅਤੇ ਡੀਜੀਪੀ ਵੀਰੇਸ਼ ਕੁਮਾਰ ਭਾਵਰਾ ਨੂੰ ਛੁੱਟੀ ‘ਤੇ ਭੇਜੇ ਜਾਣ ਤੋਂ ਬਾਅਦ ਕਾਰਜਕਾਰੀ ਡੀਜੀਪੀ ਵਜੋਂ ਨਿਯੁਕਤ ਕੀਤਾ ਗਿਆ ਹੈ। ਯਾਦਵ ਪੰਜਾਬ ਪੁਲਿਸ ਵਿਭਾਗ ਵਿੱਚ ਕਾਰਜਕਾਰੀ ਡੀਜੀਪੀ ਵਜੋਂ ਸਭ ਤੋਂ ਲੰਬਾ ਸਮਾਂ ਸੇਵਾ ਨਿਭਾਉਣ ਵਾਲੇ ਪਹਿਲੇ ਅਧਿਕਾਰੀ ਹਨ। ਧਿਆਨ ਰਹੇ ਕਿ ਭਾਵਰਾ ਦੀ ਸੇਵਾਮੁਕਤੀ 31 ਮਈ ਨੂੰ ਹੋਈ ਸੀ, ਜਦਕਿ ਗੌਰਵ ਯਾਦਵ 30 ਅਪ੍ਰੈਲ 2029 ਤੱਕ ਸੇਵਾ ‘ਚ ਰਹਿਣਗੇ।