ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਹਰ ਸੰਭਵ ਕਦਮ ਚੁੱਕੇਗੀ: ਮੁੱਖ ਮੰਤਰੀ

ਚੰਡੀਗੜ੍ਹ, 7 ਅਕਤੂਬਰ (ਖ਼ਬਰ ਖਾਸ ਬਿਊਰੋ)

ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਵਿਚਾਰ-ਵਟਾਂਦਰੇ ਲਈ ਆੜ੍ਹਤੀਆਂ ਨੂੰ ਸੱਦਿਆ, ਜਿਸ ਦੌਰਾਨ ਆੜ੍ਹਤੀਆਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ।

ਮੁੱਖ ਮੰਤਰੀ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆਂ ਦੇ ਵਫ਼ਦ ਨਾਲ ਮੀਟਿੰਗ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ ਪਰ ਕੇਂਦਰ ਸਰਕਾਰ ਇਨ੍ਹਾਂ ਮੰਗਾਂ ਪ੍ਰਤੀ ਉਦਾਸੀਨ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆੜ੍ਹਤੀਆਂ ਦੀ ਆਵਾਜ਼ ਬਣੇਗੀ ਅਤੇ ਕੇਂਦਰ ਕੋਲ ਉਨ੍ਹਾਂ ਦੇ ਮਸਲੇ ਜ਼ੋਰਦਾਰ ਢੰਗ ਨਾਲ ਉਠਾਏ ਜਾਣਗੇ। ਉਨ੍ਹਾਂ ਕਿਹਾ ਕਿ ਆੜ੍ਹਤ ਵਧਾਉਣ ਦਾ ਮਸਲਾ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ ਕਿਉਂਕਿ ਇਸ ਨਾਲ ਆੜ੍ਹਤੀਆਂ ਨੂੰ 192 ਕਰੋੜ ਰੁਪਏ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਨਵਰੀ 2025 ਤੱਕ ਆੜ੍ਹਤੀਆਂ ਦੇ ਨੁਕਸਾਨ ਦੀ ਪੂਰਤੀ ਲਈ ਹਰੇਕ ਕੋਸ਼ਿਸ਼ ਕੀਤੀ ਜਾਵੇਗੀ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਮੁੱਖ ਮੰਤਰੀ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਕੋਈ ਸ਼ਰਾਰਤ ਕੀਤੀ ਤਾਂ ਆੜ੍ਹਤੀਆਂ ਦੇ ਹਿੱਤ ਸੁਰੱਖਿਅਤ ਰੱਖਣ ਲਈ ਸੂਬਾ ਸਰਕਾਰ ਇਸ ਮਾਮਲੇ ਉਤੇ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਨਹੀਂ ਝਿਜਕੇਗੀ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਨਾਲ ਹਰੇਕ 50 ਦਿਨਾਂ ਬਾਅਦ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੇ ਮਸਲੇ ਹੱਲ ਹੋ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਕੋਲ ਲੰਬਿਤ ਪਏ ਆੜ੍ਹਤੀਆਂ ਦੇ ਈ.ਪੀ.ਐਫ. ਦੇ 50 ਕਰੋੜ ਰੁਪਏ ਦੀ ਅਦਾਇਗੀ ਦਾ ਮਸਲਾ ਵੀ ਭਾਰਤ ਸਰਕਾਰ ਕੋਲ ਉਠਾਉਣਗੇ।

ਮੁੱਖ ਮੰਤਰੀ ਨੇ ਸਮੁੱਚੀ ਖ਼ਰੀਦ ਪ੍ਰਕਿਰਿਆ ਵਿੱਚ ਆੜ੍ਹਤੀਆਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਪੂਰੀ ਪ੍ਰਕਿਰਿਆ ਵਿੱਚ ਆੜ੍ਹਤੀਆਂ ਦਾ ਅਹਿਮ ਰੋਲ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਏ ਕਿਸਾਨਾਂ ਦੇ ਬਿਨਾਂ ਤਨਖ਼ਾਹ ਤੋਂ ਰੱਖੇ ਚਾਰਟਰਡ ਅਕਾਊਂਟੈਂਟ (ਸੀ.ਏ.) ਹਨ, ਜਿਨ੍ਹਾਂ ਕੋਲ ਕਿਸਾਨਾਂ ਦੀ ਫ਼ਸਲ ਦੇ ਝਾੜ ਤੋਂ ਲੈ ਕੇ ਉਨ੍ਹਾਂ ਦੇ ਵਿੱਤੀ ਲੈਣ-ਦੇਣ ਦਾ ਸਾਰਾ ਲੇਖਾ-ਜੋਖਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਆਪਣੇ ਸੰਗਰੂਰ ਜ਼ਿਲ੍ਹੇ ਦੇ ਆੜ੍ਹਤੀਆਂ ਨਾਲ ਨਿੱਜੀ ਤਜਰਬੇ ਵੀ ਸਾਂਝੇ ਕੀਤੇ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਲਈ ਉਹ ਖ਼ੁਦ ਮੰਡੀਆਂ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਇਸ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਖਰੀਦ ਸੀਜਨ ਦੌਰਾਨ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ 185 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੇ ਜਾਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਸਮੇਂ 32 ਲੱਖ ਹੈਕਟੇਅਰ ਰਕਬਾ ਝੋਨੇ ਦੀ ਕਾਸਤ ਹੇਠ ਹੈ ਅਤੇ ਪੰਜਾਬ ਵੱਲੋਂ 185 ਲੱਖ ਮੀਟਿ੍ਰਕ ਟਨ ਝੋਨੇ ਦੀ ਖਰੀਦ ਦਾ ਟੀਚਾ ਰੱਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਰ.ਬੀ.ਆਈ. ਦੁਆਰਾ ਸਾਉਣੀ ਮੰਡੀਕਰਨ ਸੀਜ਼ਨ 2024-25 ਲਈ 41,378 ਕਰੋੜ ਰੁਪਏ ਦੀ ਕੈਸ ਕ੍ਰੈਡਿਟ ਲਿਮਿਟ (ਸੀ.ਸੀ.ਐਲ.) ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਸ ਸੀਜਨ ‘ਏ‘ ਗ੍ਰੇਡ ਦੇ ਝੋਨੇ ਲਈ ਘੱਟੋ-ਘੱਟ ਸਮਰਥਨ ਮੁੱਲ 2320 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਖਰੀਦ ਏਜੰਸੀਆਂ ਜਿਵੇਂ ਕਿ ਪਨਗ੍ਰੇਨ, ਮਾਰਕਫੈੱਡ, ਪਨਸਪ, ਵੇਅਰ ਹਾਊਸਿੰਗ ਕਾਰਪੋਰੇਸਨ, ਕੇਂਦਰੀ ਖਰੀਦ ਏਜੰਸੀ ਐੱਫ.ਸੀ.ਆਈ. ਨਾਲ ਮਿਲ ਕੇ ਭਾਰਤ ਸਰਕਾਰ ਦੁਆਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਖਰੀਦ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਸਮੁੱਚੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਅਤੇ ਸਮੇਂ ਸਿਰ ਚੁਕਾਈ ਲਈ ਵਚਨਬੱਧ ਹੈ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੀ ਫਸਲ ਮੰਡੀਆਂ ਵਿੱਚ ਪਹੁੰਚਦਿਆਂ ਸਾਰ ਹੀ ਖਰੀਦਣ ਵਾਸਤੇ ਪਹਿਲਾਂ ਹੀ ਪੁਖਤਾ ਪ੍ਰਬੰਧ ਕਰ ਲਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ ‘ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਇਕ ਵਿਹਾਰਕ ਪ੍ਰਣਾਲੀ ਵਿਕਸਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀ ਵਿੱਚ ਅਨਾਜ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Leave a Reply

Your email address will not be published. Required fields are marked *