ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਮੇਂ ਸਿਰ ਖ਼ਰੀਦ ਅਤੇ ਡੀ.ਏ.ਪੀ. ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ

ਚੰਡੀਗੜ੍ਹ, 7 ਅਕਤੂਬਰ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਝੋਨੇ ਦੀ ਫ਼ਸਲ ਦੀ ਖ਼ਰੀਦ ਅੱਜ ਤੋਂ ਹੀ ਸ਼ੁਰੂ ਹੋ ਜਾਵੇਗੀ ਅਤੇ ਸੂਬਾ ਸਰਕਾਰ ਹਾੜ੍ਹੀ ਦੀਆਂ ਫਸਲਾਂ ਦੀ ਨਿਰਵਿਘਨ ਬਿਜਾਈ ਲਈ ਡਾਇਮੋਨੀਅਮ ਫਾਸਫੇਟ (ਡੀ.ਏ.ਪੀ.) ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਵਚਨਬੱਧ ਹੈ। ਇਸ ਕਦਮ ਦਾ ਉਦੇਸ਼ ਕਿਸਾਨਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨਾ ਅਤੇ ਨਿਰਵਿਘਨ ਬਿਜਾਈ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਹੈ।

ਖੇਤੀਬਾੜੀ ਮੰਤਰੀ ਨੇ ਇਹ ਐਲਾਨ ਵੀ ਕੀਤਾ ਕਿ ਹਾੜ੍ਹੀ ਦੇ ਸੀਜ਼ਨ ਦੀ ਮੰਗ ਨੂੰ ਪੂਰਾ ਕਰਨ ਲਈ ਅਕਤੂਬਰ ਮਹੀਨੇ ਵਾਸਤੇ 2.50 ਲੱਖ ਮੀਟ੍ਰਿਕ ਟਨ ਡੀ.ਏ.ਪੀ. ਖਾਦ ਅਲਾਟ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਅਲਾਟਮੈਂਟ ਵਿੱਚੋਂ ਸੂਬੇ ਨੂੰ ਪਹਿਲਾਂ ਹੀ 22,204 ਮੀਟ੍ਰਿਕ ਟਨ ਡੀ.ਏ.ਪੀ. ਪ੍ਰਾਪਤ ਹੋ ਚੁੱਕੀ ਹੈ ਅਤੇ ਹੋਰ 15,000 ਮੀਟਰਕ ਟਨ ਜਲਦ ਪ੍ਰਾਪਤ ਹੋ ਜਾਵੇਗੀ। ਉਹਨਾਂ ਅੱਗੇ ਦੱਸਿਆ ਕਿ ਸੂਬੇ ਨੂੰ ਹੁਣ ਤੱਕ ਲਗਭਗ 1.77 ਲੱਖ ਮੀਟ੍ਰਿਕ ਟਨ ਡੀ.ਏ.ਪੀ. ਪ੍ਰਾਪਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੁਣ ਤੱਕ 51,612 ਮੀਟ੍ਰਿਕ ਟਨ ਡੀ.ਏ.ਪੀ. ਦੇ ਬਰਾਬਰ ਫਾਸਫੇਟ ਦੇ ਵੱਖ-ਵੱਖ ਬਦਲ ਵੀ ਪ੍ਰਾਪਤ ਹੋਏ ਹਨ, ਜਿਸ ਨਾਲ ਕੁੱਲ ਉਪਲਬਧਤਾ 2,27,563 ਮੀਟ੍ਰਿਕ ਟਨ ਬਣਦੀ ਹੈ। ਉਹਨਾਂ ਅੱਗੇ ਕਿਹਾ ਕਿ ਖਾਦ ਦੀ ਇਹ ਵੰਡ ਖੇਤੀਬਾੜੀ ਉਤਪਾਦਨ ਨੂੰ ਵਧਾਉਣ ਅਤੇ ਕਿਸਾਨਾਂ ਦੀਆਂ ਬਿਜਾਈ ਲੋੜਾਂ ਨੂੰ ਪੂਰਾ ਕਰਨ ਲਈ ਸਰਕਾਰ ਦੇ ਯਤਨਾਂ ਦਾ ਹਿੱਸਾ ਹੈ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਸੂਬੇ ਦੇ ਉੱਚ ਅਧਿਕਾਰੀਆਂ, ਜਿਹਨਾਂ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਸ੍ਰੀ ਵਿਕਾਸ ਗਰਗ, ਮਾਰਕਫੈੱਡ ਦੇ ਐਮ.ਡੀ. ਸ੍ਰੀ ਗਿਰੀਸ਼ ਦਿਆਲਨ ਅਤੇ ਇੰਟੈਲੀਜੈਂਸ ਚੀਫ਼ ਸ੍ਰੀ ਆਰ.ਕੇ. ਜੈਸਵਾਲ ਸ਼ਾਮਲ ਸਨ, ਨਾਲ ਇਥੇ ਪੰਜਾਬ ਭਵਨ ਵਿਖੇ ਸੂਬਾ ਪੱਧਰੀ ਮੀਟਿੰਗ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੰਨਦਾਤਾ (ਕਿਸਾਨਾਂ) ਦੀ ਭਲਾਈ ਲਈ ਸਮਰਪਿਤ ਹੈ। ਉਹਨਾਂ ਕਿਹਾ ਕਿ ਸਰਕਾਰ ਫ਼ਸਲ ਦੇ ਝਾੜ ਨੂੰ ਵਧਾ ਕੇ ਕਿਸਾਨ ਭਾਈਚਾਰੇ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਸਰੋਤ ਅਤੇ ਸਹਾਇਤਾ ਪ੍ਰਦਾਨ ਕਰਨ ਵਾਸਤੇ ਵਚਨਬੱਧ ਹੈ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਬੁਰਜਗਿੱਲ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆਂ ਅਤੇ ਰਮਿੰਦਰ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਲਈ ਆਏ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਵੱਲੋਂ ਉਠਾਏ ਮੁੱਦਿਆਂ ਬਾਰੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਨੂੰ ਡੀ.ਏ.ਪੀ. 60 ਫ਼ੀਸਦ ਅਲਾਟ ਕੀਤਾ ਜਾ ਰਹੀ ਹੈ, ਜਦਕਿ ਬਾਕੀ 40 ਫ਼ੀਸਦ ਖਾਦ ਡੀਲਰਾਂ ਨੂੰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੀ.ਏ.ਪੀ. ਅਤੇ ਹੋਰ ਖਾਦਾਂ ਦੇ ਨਾਲ-ਨਾਲ ਕਿਸੇ ਵੀ ਉਤਪਾਦ ਦੀ ਕਾਲਾਬਾਜ਼ਾਰੀ ਜਾਂ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਕਿਸੇ ਵੀ ਘਟਨਾ ਦੀ ਸੂਚਨਾ ਦੇਣ ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾ ਸਕੇ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

Leave a Reply

Your email address will not be published. Required fields are marked *