ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੇ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਾਇਆ

ਰੂਪਨਗਰ, 6 ਨਵੰਬਰ (ਖ਼ਬਰ ਖਾਸ ਬਿਊਰੋ)
ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵਿੱਖੇ ਚੱਲ ਰਹੀ ਪਰਾਲੀ ਦੀ ਸੰਭਾਲ ਸਬੰਧੀ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ ਸੀ ਏ ਆਰ ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ, ਕੇ.ਵੀ.ਕੇ. ਰੋਪੜ ਵੱਲੋਂ ਪਿੰਡ ਸੰਦੋਆ (ਬਲਾਕ ਨੂਰਪੁਰ ਬੇਦੀ) ਵਿਖੇ ਲਗਾਇਆ ਗਿਆ, ਜਿਸ ਵਿੱਚ ਵੱਖ -ਵੱਖ ਪਿੰਡਾਂ ਦੇ ਤਕਰੀਬਨ 106 ਕਿਸਾਨਾਂ ਨੇ ਹਿੱਸਾ ਲਿਆ।
ਡਾ. ਸਤਬੀਰ ਸਿੰਘ, ਡਿਪਟੀ ਡਾਇਰੈਕਟਰ (ਟ੍ਰੇਨਿੰਗ) ਕ੍ਰਿਸ਼ੀ ਵਿਗਿਆਨ ਕੇਂਦਰ, ਰੋਪੜ ਦੇ ਮਾਰਗਦਰਸ਼ਨ ਹੇਠ ਇਸ ਜਾਗਰੂਕਤਾ ਕੈਂਪ ਵਿੱਚ ਵਿਗਿਆਨੀਆਂ ਵੱਲੋਂ ਪਰਾਲੀ ਸੰਭਾਲ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਡਾ. ਅਪਰਣਾ (ਸਹਿਯੋਗੀ ਪ੍ਰੋਫ਼ੈਸਰ, ਪਸ਼ੂ ਪਾਲਣ) ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਗੰਭੀਰ ਨੁਕਸਾਨ ਬਾਰੇ ਗੱਲ ਕੀਤੀ। ਉਨ੍ਹਾਂ ਪਸ਼ੂਆਂ ਦੀ ਖੁਰਾਕ ਅਤੇ ਸਾਂਭ -ਸੰਭਾਲ ਵਿੱਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ।
ਡਾ. ਜਗਮਨਜੋਤ ਸਿੰਘ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਿਫਾਰਿਸ਼ ਕੀਤੀਆਂ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧ ਕਰਨ ਦੀ ਸਲਾਹ ਦਿੱਤੀ।
ਉਨ੍ਹਾਂ ਦੱਸਿਆ ਕਿ ਫਸਲਾਂ ਦੀ ਰਹਿੰਦ-ਖੂੰਹਦ ਸਾੜਨ ਨਾਲ ਮਨੁੱਖੀ ਸਿਹਤ ਅਤੇ ਜੀਵ ਜੰਤੂਆਂ ਦੇ ਨਾਲ ਨਾਲ ਮਿੱਟੀ ਦੀ ਸਿਹਤ ਦਾ ਬਹੁਤ ਨੁਕਸਾਨ ਹੁੰਦਾ ਹੈ, ਜਿਸ ਕਾਰਣ ਜ਼ਮੀਨ ਦੀ ਉਪਜਾਊ ਸ਼ਕਤੀ ਕਾਫੀ ਹੱਦ ਤੱਕ ਘੱਟਦੀ ਹੈ ਅਤੇ ਇਹ ਖੇਤੀ ਲਈ ਢੁੱਕਵੀਂ ਨਹੀਂ ਰਹਿੰਦੀ।
ਡਾ. ਊਰਵੀ ਸ਼ਰਮਾ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ), ਨੇ ਕਣਕ ਵਿੱਚ ਸਰਵਪੱਖੀ ਕੀਟ ਅਤੇ ਬਿਮਾਰੀ ਪ੍ਰਬੰਧਨ ਬਾਰੇ ਸੰਪੂਰਨ ਜਾਣਕਾਰੀ ਸਾਂਝੀ ਕੀਤੀ। ਡਾ. ਅੰਕੁਰਦੀਪ ਪ੍ਰੀਤਿ (ਸਹਾਇਕ ਪ੍ਰੋਫੈਸਰ, ਵਣ ਖੇਤੀ), ਨੇ ਕਿਸਾਨਾਂ ਨੂੰ ਅੰਤਰ -ਖੇਤੀ ਅਪਨਾਉਣ ਅਤੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਦੀ ਸਲਾਹ ਦਿੱਤੀ। ਇਸ ਮੌਕੇ ਕਿਸਾਨਾਂ ਦੀਆਂ ਵੱਖ -ਵੱਖ ਸਮਸਿਆਵਾਂ ਅਤੇ ਉਨ੍ਹਾਂ ਦੇ ਨਿਵਾਰਣ ਬਾਰੇ ਭੀ ਵਿਚਾਰ ਵਟਾਂਦਰਾ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿਚ ਪਿੰਡ ਸੰਦੋਆ ਦੇ ਸਰਪੰਚ ਸ਼੍ਰੀ ਪਰਮਜੀਤ ਸਿੰਘ ਵੱਲੋਂ ਸਮੂਹ ਪੰਚਾਇਤਾਂ ਦੀ ਅਗਵਾਈ ਕਰਦੇ ਹੋਏ ਕੇ ਵੀ ਕੇ ਟੀਮ ਦਾ ਧੰਨਵਾਦ ਕੀਤਾ ਗਿਆ।
ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

Leave a Reply

Your email address will not be published. Required fields are marked *