ਨਾਭਾ, 4 ਅਪ੍ਰੈਲ (ਖ਼ਬਰ ਖਾਸ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਮਾਲਵਾ ਖਿੱਤੇ ਵਿਚ ਗੜ੍ਹੇਮਾਰੀ ਕਾਰਨ ਹੋਏ ਕਣਕ ਦੀ ਫਸਲ ਦੇ ਨੁਕਸਾਨ ਬਦਲੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਜਿਵੇਂ ਕਿ 2022 ਦੀਆਂ ਚੋਣਾਂ ਦੇ ਮਨੋਰਥ ਪੱਤਰ ਵਿਚ ਆਮ ਆਦਮੀ ਪਾਰਟੀ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ।
ਅੱਜ ਇਥੇ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੇ ਨਾਲ ਰਲ ਕੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿਸਾਨ ਮਾਯੂਸੀ ਵਿਚ ਹਨ। ਉਹਨਾਂ ਨੂੰ ਸੂਬੇ ਭਰ ਤੋਂ ਰੋਜ਼ਾਨਾ ਫੋਨ ਆ ਰਹੇ ਹਨ ਕਿ ਕਿਸਾਨਾਂ ਨੂੰ ਪਿਛਲੇ ਸਾਲ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਇਕ ਰੁਪਿਆ ਵੀ ਮੁਆਵਜ਼ਾ ਨਹੀਂ ਮਿਲਿਆ। ਹੁਣ ਕਿਸਾਨ ਫਿਰ ਤੋਂ ਅਪੀਲ ਕਰ ਰਹੇ ਹਨ ਕਿ ਉਹਨਾਂ ਦੀ ਕਣਕ ਦੀ ਖੜ੍ਹੀ ਫਸਲ ਖਾਸ ਤੌਰ ’ਤੇ ਬਠਿੰਡਾ, ਮਾਨਸਾ, ਫਾਜ਼ਿਲਕਾ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿਚ ਹੋਏ ਨੁਕਸਾਨ ਲਈ ਮੁਆਵਜ਼ਾ ਦਿੱਤਾ ਜਾਵੇ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿਚ ਕਿਸਾਨਾਂ ਨੂੰ ਦੁੱਕੀ ਨਹੀਂ ਦਿੱਤੀ। ਉਹਨਾਂ ਕਿਹਾ ਕਿ ਜੇਕਰ ਹੋਰ ਕੁਝ ਨਹੀਂ ਹੋ ਸਕਦਾ ਤਾਂ ਆਪ ਸਰਕਾਰ ਆਪਣੇ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦੇ ਮੁਤਾਬਕ 50 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਤਾਂ ਦੇਵੇ।
ਆੜ੍ਹਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਤੇ ਪੰਜਾਬ ਵਿਚ ਅਨਾਜ ਖਰੀਦ ਪ੍ਰਕਿਰਿਆ ਵਿਚ ਆ ਰਹੀਆਂ ਔਕੜਾਂ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਆੜ੍ਹਤੀਆਂ ਲਈ ਕਣਕ ਤੇ ਝੋਨੇ ਵਾਸਤੇ 2.5 ਫੀਸਦੀ ਕਮਿਸ਼ਨ ਬਹਾਲ ਕਰਨ ਦੇ ਹੱਕ ਵਿਚ ਹੈ। ਉਹਨਾਂ ਕਿਹਾ ਕਿ ਮੰਡੀਆਂ ਵਿਚ ਆਉਂਦੇ ਆੜ੍ਹਤੀਆਂ ਦੇ ਖਰਚ ਵਾਸਤੇ ਅਜਿਹਾ ਕਰਨਾ ਬਹੁਤ ਜ਼ਰੂਰੀ ਹੈ।
ਉਹਨਾਂ ਕਿਹਾ ਕਿ ਮੈਂ ਇਹ ਮਾਮਲਾ ਕੇਂਦਰ ਸਰਕਾਰ ਕੋਲ ਚੰਗੇ ਤਰੀਕੇ ਨਾ ਚੁੱਕ ਸਕਣ ਅਤੇ ਆੜ੍ਹਤੀਆਂ ਨੂੰ ਇਨਸਾਫ ਦੁਆਉਣ ਵਾਸਤੇ ਕੱਖ ਵੀ ਨਾ ਕਰਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਮੈਂ ਇਹ ਭਰੋਸਾ ਦੁਆਉਂਦਾ ਹਾਂ ਕਿ ਜੇਕਰ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਅਸੀਂ ਆੜ੍ਹਤੀਆਂ ਦਾ ਇਹ ਕਮਿਸ਼ਨ ਬਹਾਲ ਕਰਾਂਗੇ।
ਸਰਦਾਰ ਬਾਦਲ ਨੇ ਮੁੱਖ ਮੰਤਰੀ ਵੱਲੋਂ ਅੱਜ ਉਹਨਾਂ ਨੂੰ ਮਿਲਣ ਦੇ ਚਾਹਵਾਨ ਕਿਸਾਨਾਂ ’ਤੇ ਲਾਠੀਚਾਰਜ ਕਰਵਾਉਣ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਮੁੱਖ ਮੰਤਰੀ ਕਿਸਾਨਾਂ ਦੇ ਸਵਾਲਾਂ ਤੋਂ ਡਰਦੇ ਹਨ ਜੋ ਅੱਜ ਉਹਨਾਂ ਨੂੰ ਇਹ ਪੁੱਛਣਾ ਚਾਹੁੰਦੇ ਸਨ ਕਿ ਆਪ ਵਿਧਾਇਕਾਂ ਤੇ ਆਗੂਆਂ ਨੇ ਸ਼ੰਭੂ ਤੇ ਖਨੌਰੀ ਵਿਖੇ ਕਿਸਾਨਾਂ ਦੀਆਂ ਟਰਾਲੀਆਂ ਕਿਉਂ ਚੋਰੀ ਕੀਤੀਆਂ ਅਤੇ ਉਹਨਾਂ ਦੇ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ ਗਈ ਤੇ ਕਿਸਾਨਾਂ ਨੂੰ ਪਿਛਲੇ ਸਾਲ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਕਿਉਂ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਮੁੱਖ ਮੰਤਰੀ ਨੇ ਕਾਇਰਤਾ ਵਾਲਾ ਵਿਹਾਰ ਕੀਤਾ ਅਤੇ ਪੁਲਿਸ ਨੂੰ ਕਿਸਾਨਾਂ ’ਤੇ ਲਾਠੀਚਾਰਜ ਕਰਨ ਦਾ ਹੁਕਮ ਦੇ ਦਿੱਤਾ।
ਸਰਦਾਰ ਬਾਦਲ ਨੇ ਇਹ ਵੀ ਗੱਲ ਕੀਤੀ ਕਿ ਕਿਵੇਂ ਆਪ ਸਰਕਾਰ ਆਪਣੀਆਂ ਸਿਆਸੀ ਰੈਲੀਆਂ ਵਿਚ ਲੋਕਾਂ ਨੂੰ ਲਿਆਉਣ ਤੇ ਲਿਜਾਣ ਵਾਸਤੇ ਸਰਕਾਰੀ ਬੱਸਾਂ ਦੀ ਵਰਤੋਂ ਕਰ ਰਹੀ ਹੈ ਅਤੇ ਕਿਵੇਂ ਇਹ ਰੈਲੀਆਂ ਸਰਕਾਰੀ ਖਰਚੇ ’ਤੇ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਹ ਸਭ ਤੋਂ ਵੱਡਾ ਘੁਟਾਲਾ ਹੈ ਕਿਉਂਕਿ ਆਪ ਦਿੱਲੀ ਦੇ ਵੈਂਡਰਾਂ ਤੋਂ ਪੈਸਾ ਵਾਪਸ ਲੈ ਰਹੀ ਹੈ।
ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਹਾਲ ਹੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਜੱਦੀ ਪਿੰਡ ਗਏ ਤਾਂ ਇਲਾਕੇ ਵਿਚ ਪੂਰੀ ਤਰ੍ਹਾਂ ਲਾਕ ਡਾਊਨ ਲਗਾ ਦਿੱਤਾ ਗਿਆ ਤੇ ਅਨੇਕਾਂ ਪਿੰਡਾਂ ਦੇ ਲੋਕਾਂ ਦੇ ਹਥਿਆਰ ਜਮ੍ਹਾਂ ਕਰਵਾ ਲਏ ਗਏ।
ਬਾਅਦ ਵਿਚ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਰਾਘਵ ਚੱਢਾ ਹੁਣ ਆਪ ਤੋਂ ਵੱਖ ਹੋ ਰਹੇ ਹਨ ਤੇ ਅਨੇਕਾਂ ਹੋਰ ਆਗੂ ਵੀ ਜਲਦੀ ਹੀ ਵੱਖ ਹੋ ਜਾਣਗੇ। ਉਹਨਾਂ ਕਿਹਾ ਕਿ ਹਰ ਕਿਸੇ ਨੇ ਮਹਿਸੂਸ ਕਰ ਲਿਆ ਹੈ ਕਿ ਆਪ ਇਕ ਡੁੱਬਦਾ ਜਹਾਜ਼ ਹੈ ਤੇ ਇਸਦੇ ਆਗੂਆਂ ਨੇ ਮਹਿਸੂਸ ਕਰ ਲਿਆ ਹੈ ਕਿ ਉਹਨਾਂ ਨੇ ਲੋਕਾਂ ਨੂੰ ਮੂਰਖ ਬਣਾਉਣ ਤੋਂ ਇਲਾਵਾ ਹੋਰ ਕੱਖ ਵੀ ਨਹੀਂ ਕੀਤਾ।
ਪੰਜਾਬ ਲਈ ਆਪਣੀ ਸੋਚ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਦੱਸਿਆ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਵਿਸ਼ਵ ਸਕਿੱਲ ਯੂਨੀਵਰਸਿਟੀ ਸਥਾਪਿਤ ਕਰੇਗੀ ਜਿਸਦੇ ਸੈਂਟਰ ਹਰ ਜ਼ਿਲ੍ਹੇ ਵਿਚ ਸਥਾਪਿਤ ਕੀਤੇ ਜਾਣਗੇ। ਉਹਨਾਂ ਇਹ ਵੀ ਐਲਾਨ ਕੀਤਾ ਕਿ ਐਸ ਸੀ, ਪੱਛੜੀਆਂ ਸ਼੍ਰੇਣੀਆਂ ਤੇ ਗਰੀਬ ਵਿਦਿਆਰਥੀਆਂ ਨੂੰ ਗਰੈਜੂਏਸ਼ਨ ਤੱਕ ਮੁਫਤ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਤੱਕ ਦਾ ਕਰਜ਼ਾ ਪ੍ਰਦਾਨ ਕੀਤਾ ਜਾਵੇਗਾ, ਆਟਾ ਦਾਲ ਸਕੀਮ ਦਾ ਵਿਸਥਾਰ ਕੀਤਾ ਜਾਵੇਗਾ ਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ ਅਤੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ।ਉਹਨਾਂ ਇਹ ਵੀ ਐਲਾਨ ਕੀਤਾ ਕਿ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਨੂੰ ਦਿੱਤੀਆਂ ਜਾਣਗੀਆਂ ਅਤੇ ਡੇਅਰੀ ਤੇ ਪਸ਼ੂ ਪਾਲਣ ਦਾ ਧੰਦਾ ਕਰਨ ਵਾਸਤੇ 75 ਫੀਸਦੀ ਸਬਸਿਡੀ ਦਿੱਤੀ ਜਾਵੇਗੀ।
ਇਸ ਮੌਕੇ ਸੰਬੋਧਨ ਕਰਨ ਵਾਲਿਆਂ ਵਿਚ ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਕਬੀਰ ਦਾਸ, ਸੁਰਜੀਤ ਸਿੰਘ ਗੜ੍ਹੀ, ਜਸਪਾਲ ਸਿੰਘ ਬਿੱਟੂ ਚੱਠਾ, ਸਰਬਜੀਤ ਸਿੰਘ ਝਿੰਜਰ, ਅਮਿਤ ਰਾਠੀ, ਅਮਰਿੰਦਰ ਬਜਾਜ, ਜਗਮੀਤ ਸਿੰਘ ਹਰਿਆਊ, ਅਰਸ਼ਦੀਪ ਕਲੇਰ ਤੇ ਤੇਜਿੰਦਰਪਾਲ ਸਿੰਘ ਸੰਧੂ ਵੀ ਸ਼ਾਮਲ ਸਨ।