ਬਲਜਿੰਦਰ ਸਿੰਘ ਚੌਂਦਾ ਬਣੇ ਪੰਜਾਬ ਐਸ.ਸੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ,ਅਹੁਦਾ ਸੰਭਾਲਿਆ

ਚੰਡੀਗੜ੍ਹ, 20 ਫਰਵਰੀ (ਖ਼ਬਰ ਖਾਸ ਬਿਊਰੋ)

ਪੰਜਾਬ ਅਨੁਸੂਚਿਤ ਜਾਤੀਆਂ ਅਤੇ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਬਲਜਿੰਦਰ ਸਿੰਘ ਚੌਂਦਾ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਅਤੇ ਪੇਂਡੂ ਵਿਕਾਸ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਦੀ ਹਾਜ਼ਰੀ ਵਿੱਚ ਸਰਕਾਰੀ ਤੌਰ ’ਤੇ ਆਪਣਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਕੈਬਨਿਟ ਮੰਤਰੀਆਂ ਵੱਲੋਂ ਨਵ-ਨਿਯੁਕਤ ਚੇਅਰਮੈਨ ਨੂੰ ਵਧਾਈ ਦਿੱਤੀ ਗਈ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਅਤੇ ਪੇਂਡੂ ਵਿਕਾਸ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗ ਵਿਅਕਤੀਆਂ ਦੇ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਐਸ.ਸੀ ਵਰਗ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ, ਆਸਾਨ ਲੋਨ ਸਹੂਲਤਾਂ ਅਤੇ ਕਰਜ਼ਾ ਮਾਫ਼ੀ ਵਰਗੇ ਇਤਿਹਾਸਕ ਫੈਸਲੇ ਇਹ ਸਾਬਤ ਕਰਦੇ ਹਨ ਕਿ ਸਰਕਾਰ ਦਾ ਮੁੱਖ ਉਦੇਸ਼ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਮਦਦ ਪਹੁੰਚਾਉਣਾ ਹੈ।

ਹੋਰ ਪੜ੍ਹੋ 👉  ਹਥਿਆਰਾਂ ਦੀ ਬਰਾਮਦਗੀ ਦੌਰਾਨ ਪੁਲਿਸ ਟੀਮ ਤੇ ਹਮਲਾ,ਸਿਪਾਹੀ ਸਮੇਤ ਤਿੰਨ ਜਖ਼ਮੀ

ਉਨ੍ਹਾਂ ਹੋਰ ਕਿਹਾ ਕਿ ਨਵ-ਨਿਯੁਕਤ ਚੇਅਰਮੈਨ ਦੀ ਅਗਵਾਈ ਹੇਠ ਕਾਰਪੋਰੇਸ਼ਨ ਐਸ.ਸੀ ਵਰਗ ਅਤੇ ਦਿਵਿਆਂਗ ਵਿਅਕਤੀਆਂ ਨੂੰ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਅਤੇ ਪ੍ਰਭਾਵਸ਼ਾਲੀ ਭੂਮਿਕਾ ਨਿਭਾਏਗੀ।

ਕਾਰਜਭਾਰ ਸੰਭਾਲਣ ਉਪਰੰਤ ਚੇਅਰਮੈਨ ਸ੍ਰੀ ਬਲਜਿੰਦਰ ਸਿੰਘ ਚੌਂਦਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਮਾਮਲਿਆਂ ਦੇ ਪ੍ਰਭਾਰੀ ਮਨੀਸ਼ ਸਿਸੋਦੀਆ,
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ,ਪੇਂਡੂ ਵਿਕਾਸ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਦਾ ਉਨ੍ਹਾਂ ’ਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ।

ਚੇਅਰਮੈਨ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਵਰਗ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਇਸ ਦਿਸ਼ਾ ਵਿੱਚ ਤਰਜੀਹੀ ਅਧਾਰ ’ਤੇ ਠੋਸ ਅਤੇ ਨਤੀਜਾ-ਕੇਂਦਰਿਤ ਕਦਮ ਚੁੱਕੇ ਜਾਣਗੇ। ਉਨ੍ਹਾਂ ਦੱਸਿਆ ਕਿ ਐਸ.ਸੀ ਵਰਗ ਨਾਲ ਸਬੰਧਤ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਉਪਲਬਧ ਕਰਵਾਉਣ ਲਈ ਸਰਲ, ਪਾਰਦਰਸ਼ੀ ਅਤੇ ਆਸਾਨ ਪ੍ਰਕਿਰਿਆ ਰਾਹੀਂ ਲੋਨ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਹੋਰ ਪੜ੍ਹੋ 👉  ਖਤਰਨਾਕ ਹੜ੍ਹਾਂ ਤੋਂ ਵੀ ਸਬਕ ਨਹੀਂ ਲੈ ਰਹੀ ਆਪ ਸਰਕਾਰ,ਬੀਬੀਐਮਬੀ ਦੀ ਚੇਤਾਵਨੀ ਨੂੰ ਗੰਭੀਰਤਾ ਨਾਲ ਲਵੋ-ਰੰਧਾਵਾ

ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਸ.ਸੀ ਵਰਗ ਦੇ 4,727 ਪਰਿਵਾਰਾਂ ਦਾ ਕਰਜ਼ਾ ਮਾਫ਼ ਕੀਤਾ ਜਾ ਚੁੱਕਾ ਹੈ, ਜੋ ਸਮਾਜਿਕ ਨਿਆਂ ਅਤੇ ਆਰਥਿਕ ਸਸ਼ਕਤੀਕਰਨ ਵੱਲ ਇੱਕ ਇਤਿਹਾਸਕ ਅਤੇ ਸੰਵੇਦਨਸ਼ੀਲ ਕਦਮ ਹੈ। ਇਸਦੇ ਨਾਲ ਹੀ ਐਸ.ਸੀ ਵਰਗ ਅਤੇ ਦਿਵਿਆਂਗ ਵਿਅਕਤੀਆਂ ਲਈ ਚਲ ਰਹੀਆਂ ਸਰਕਾਰੀ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਵੀ ਲਗਾਏ ਜਾਣਗੇ, ਤਾਂ ਜੋ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਪੰਜਾਬ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਵਿੰਮੀ ਭੁੱਲਰ ਆਈ.ਏ.ਐਸ, ਹੋਰ ਵਿਸ਼ੇਸ਼ ਸਖਸੀਅਤਾਂ ਅਤੇ ਨਵ-ਨਿਯੁਕਤ ਚੇਅਰਮੈਨ ਦੇ ਪਰਿਵਾਰਕ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਹੋਰ ਪੜ੍ਹੋ 👉  ਜੇਲ੍ਹ ਵਿੱਚ ਬੰਦ ਗੈਂਗਸਟਰ ਦੇ ਦੋ ਸਾਥੀ  ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

Leave a Reply

Your email address will not be published. Required fields are marked *