ਪੰਜਾਬ ਚ ਗੜ੍ਹੇਮਾਰੀ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ ਵਿਸ਼ੇਸ਼ ਟੀਮ ਭੇਜੇ


ਚੰਡੀਗੜ੍ਹ, 6 ਅਪ੍ਰੈਲ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਗੜ੍ਹੇਮਾਰੀ ਨਾਲ ਕਣਕ ਦੀ ਫਸਲ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਇੱਕ ਵਿਸ਼ੇਸ਼ ਮੁਆਵਜ਼ਾ ਪੈਕੇਜ ਜਾਰੀ ਕਰਨ ਲਈ ਇੱਕ ਵਿਸ਼ੇਸ਼ ਟੀਮ ਪੰਜਾਬ ਭੇਜਣ।

ਇਸ ਸੰਬੰਧ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖਦਿਆਂ ਬਠਿੰਡਾ ਤੋਂ ਸੰਸਦ ਮੈਂਬਰ ਨੇ ਉਨ੍ਹਾਂ ਨੂੰ ਸਹਿਕਾਰੀ ਸਭਾਵਾਂ ਤੋਂ ਪ੍ਰਭਾਵਿਤ ਕਿਸਾਨਾਂ ਦੁਆਰਾ ਲਏ ਗਏ ਕਰਜ਼ਿਆਂ ‘ਤੇ ਵਿਆਜ ਇੱਕ ਸਾਲ ਲਈ ਮੁਲਤਵੀ ਕਰਨ ਦੇ ਨਿਰਦੇਸ਼ ਜਾਰੀ ਕਰਨ ਦੀ ਵੀ ਅਪੀਲ ਕੀਤੀ ਅਤੇ ਨਾਲ ਹੀ ਇਨ੍ਹਾਂ ਕਿਸਾਨਾਂ ਨੂੰ ਰਿਆਇਤੀ ਦਰਾਂ ‘ਤੇ ਖਾਦ ਜਾਰੀ ਕਰਨ ਦੀ ਵੀ ਬੇਨਤੀ ਕੀਤੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ, “ਇਹ ਪ੍ਰਭਾਵਿਤ ਕਿਸਾਨਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਵਿੱਚ ਸਹਾਇਤਾ ਕਰੇਗਾ।”

ਹੋਰ ਪੜ੍ਹੋ 👉  ਸਰਕਾਰੀ ਕਾਲਜ ਰੂਪਨਗਰ ਦੀਆਂ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਕੌਮੀ ਪੱਧਰ ’ਤੇ ਚਮਕਾਇਆ ਕਾਲਜ ਦਾ ਨਾਮ

ਜਾਣਕਾਰੀ ਦਿੰਦੇ ਹੋਏ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਤਿੰਨ ਦਿਨ ਪਹਿਲਾਂ ਪੰਜਾਬ ਦਾ ਇੱਕ ਵੱਡਾ ਹਿੱਸਾ ਬੇਮੌਸਮੇ ਮੀਂਹ, ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਨਾਲ ਪ੍ਰਭਾਵਿਤ ਹੋਇਆ। ਜਿਸ ਕਾਰਨ ਕਈ ਹਜ਼ਾਰ ਏਕੜ ਤੋਂ ਵੱਧ ਕਣਕ ਦੀ ਫ਼ਸਲ ਖਰਾਬ ਹੋ ਗਈ ਅਤੇ ਬਾਕੀ ਬਚੀ ਕਣਕ ਦੇ ਦਾਣਿਆਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ। ਨਤੀਜਾ ਇਹ ਫ਼ਸਲ ਵਾਢੀ ਦੇ ਯੋਗ ਨਹੀਂ ਬਚੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਾਲਵਾ ਖੇਤਰ ਦੇ ਬਠਿੰਡਾ, ਮਾਨਸਾ, ਫਾਜ਼ਿਲਕਾ, ਮੋਗਾ ਅਤੇ ਸ਼੍ਰੀ ਮੁਕਤਸਰ ਸਾਹਿਬ ਦੇ ਕੁਝ ਹਿੱਸਿਆਂ ਵਿੱਚ ਭਾਰੀ ਗੜ੍ਹੇਮਾਰੀ ਹੋਈ, ਜਿਸ ਨਾਲ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ ਅਤੇ ਫ਼ਤਿਹਗੜ੍ਹ ਸਾਹਿਬ ਦੇ ਕੁਝ ਹਿੱਸਿਆਂ ਵਿੱਚ ਵੀ ਤਬਾਹੀ ਹੋਈ। ਬੀਬਾ ਬਾਦਲ ਨੇ ਮੰਤਰੀ ਨੂੰ ਦੱਸਿਆ, “ਵੱਡੇ ਪੱਧਰ ‘ਤੇ ਕਣਕ ਦੀ ਫ਼ਸਲ ਨੂੰ ਤਬਾਹ ਕਰਨ ਤੋਂ ਇਲਾਵਾ, ਗੜ੍ਹੇਮਾਰੀ ਨੇ ਕਈ ਥਾਵਾਂ ‘ਤੇ ਮੱਕੀ ਦੀ ਫ਼ਸਲ ਨੂੰ ਵੀ ਨੁਕਸਾਨ ਪਹੁੰਚਾਇਆ ਹੈ।”

ਹੋਰ ਪੜ੍ਹੋ 👉  ਪਿੰਡ ਖੰਡੇਬਾਦ ਵਿਖੇ 27 ਏਕੜ ਤੋਂ ਵੱਧ ਸਰਕਾਰੀ ਜ਼ਮੀਨ 'ਤੇ ਬਣਾਈ ਜਾਵੇਗੀ ਨਵੀਂ ਅਨਾਜ ਮੰਡੀ: ਗੋਇਲ

ਕੇਂਦਰ ਤੋਂ ਮਦਦ ਦੀ ਮੰਗ ਕਰਦੇ ਹੋਏ ਸੰਸਦ ਮੈਂਬਰ ਨੇ ਕਿਹਾ ਕਿ ਸੂਬੇ ਦੇ ਕਿਸਾਨ ਪੂਰੀ ਤਰ੍ਹਾਂ ਨਿਰਾਸ਼ਾ ਵਿੱਚ ਹਨ ਕਿਉਂਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇਕੱਲਿਆਂ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਕਣਕ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਨਾ ਕੋਈ ਸਰਵੇਖਣ, ਨਾ ਹੀ ਕੋਈ ਮੁਆਵਜ਼ੇ ਦਾ ਐਲਾਨ ਕੀਤ ਅਤੇ ਨਾ ਹੀ ਕਿਸਾਨਾਂ ਨੂੰ ਕੋਈ ਮੁਆਵਜ਼ਾ ਦਿੱਤਾ ਗਿਆ। “ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ 50,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੇ ਵਾਅਦੇ ਦੇ ਬਾਵਜੂਦ ਕਿਸਾਨਾਂ ਨੂੰ ਕੁਝ ਵੀ ਨਹੀਂ ਮਿਲਿਆ”।

ਬੀਬਾ ਹਰਸਿਮਰਤ ਕੌਰ ਬਾਦਲ ਨੇ ਇਹ ਵੀ ਵਿਸਥਾਰ ਵਿੱਚ ਦੱਸਿਆ ਕਿ ਕਿਵੇਂ ‘ਆਪ’ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਦੇ ਨਾਲ-ਨਾਲ ਕੁਦਰਤੀ ਆਫ਼ਤਾਂ ਲਈ ਵੀ ਕੋਈ ਮੁਆਵਜ਼ਾ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਰਾਜ ਨੇ ਭਿਆਨਕ ਹੜ੍ਹਾਂ ਦੀ ਮਾਰ ਝੱਲੀ ਪਰ ਕੇਂਦਰ ਅਤੇ ਰਾਜ ਸਰਕਾਰਾਂ ਦੋਵਾਂ ਵੱਲੋਂ ਐਲਾਨ ਕੀਤੇ ਜਾਣ ਦੇ ਬਾਵਜੂਦ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਹੀਂ ਮਿਲਿਆ। “ਕੇਂਦਰ ਨੇ ਦਾਅਵਾ ਕੀਤਾ ਕਿ ਰਾਜ ਆਫ਼ਤ ਪ੍ਰਤੀਕਿਰਿਆ ਫੰਡ (SDRF) ਤਹਿਤ ਰਾਜ ਕੋਲ 12,500 ਕਰੋੜ ਰੁਪਏ ਉਪਲਬਧ ਹਨ ਪਰ ਆਮ ਆਦਮੀ ਪਾਰਟੀ ਸਰਕਾਰ ਨੇ ਕਿਹਾ ਹੈ ਕਿ ਅਪ੍ਰੈਲ 2022 ਤੋਂ SDRF ਤਹਿਤ ਕੇਂਦਰ ਤੋਂ ਸਿਰਫ਼ 1,582 ਕਰੋੜ ਰੁਪਏ ਹੀ ਪ੍ਰਾਪਤ ਹੋਏ ਹਨ”।

ਹੋਰ ਪੜ੍ਹੋ 👉  ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ: ਡਿਪਟੀ ਕਮਿਸ਼ਨਰ

ਬੀਬਾ ਬਾਦਲ ਨੇ ਕਿਹਾ ਕਿ ਇਸ ਰੱਸਾਕਸ਼ੀ ਵਿਚਾਲੇ ਪੰਜਾਬ ਦੇ ਕਿਸਾਨ ਪਿਸ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ, “ਮੈਂ ਪਹਿਲਾਂ ਵੀ ਇਹ ਮੁੱਦਾ ਸੰਸਦ ਵਿੱਚ ਉਠਾਇਆ ਹੈ ਅਤੇ ਅਪੀਲ ਕੀਤੀ ਹੈ ਕਿ ਇਨ੍ਹਾਂ ਫੰਡਾਂ ਬਾਰੇ ਪਤਾ ਲਗਾਉਣ ਲਈ ਕੇਂਦਰੀ ਜਾਂਚ ਦਾ ਹੁਕਮ ਦਿੱਤਾ ਜਾਵੇ ਅਤੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕਰਨ ਲਈ ਇਹ ਰਕਮ ਜਲਦ ਤੋਂ ਜਲਦ ਜਾਰੀ ਕੀਤੀ ਜਾਵੇ।”

Leave a Reply

Your email address will not be published. Required fields are marked *