ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ

* 
ਮੋਹਾਲੀ, 3 ਮਈ (ਖ਼ਬਰ ਖਾਸ ਬਿਊਰੋ)
ਕੇਂਦਰ ਸਰਕਾਰ ਵੱਲੋਂ ਘਰੇਲੂ ਗੈਸ ਸਿਲੰਡਰ ਦੇ ਰੇਟਾਂ ਵਿੱਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਅੱਜ ਐਸ.ਏ.ਐਸ. ਨਗਰ (ਮੋਹਾਲੀ) ਦੇ ਚਾਵਲਾ ਚੌਕ, ਫੇਸ-7 ਵਿਖੇ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਵਿੱਚ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਕੇਂਦਰ ਸਰਕਾਰ ਦੀਆਂ ਮਹਿੰਗਾਈ ਵਾਲੀਆਂ ਨੀਤੀਆਂ ਦੇ ਖ਼ਿਲਾਫ਼ ਨਾਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟਾਇਆ।
ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਗੈਸ ਸਿਲੰਡਰ ਦੇ ਰੇਟ ਵਧਾਏ ਜਾਣ ਨਾਲ ਆਮ ਲੋਕਾਂ ਦੀ ਜ਼ਿੰਦਗੀ ‘ਤੇ ਭਾਰੀ ਆਰਥਿਕ ਬੋਝ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਘਰੇਲੂ ਖਰਚੇ ਕਾਫੀ ਵਧ ਗਏ ਹਨ ਅਤੇ ਮੱਧ ਵਰਗ ਅਤੇ ਗਰੀਬ ਪਰਿਵਾਰਾਂ ਲਈ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਰਿਹਾ ਹੈ। ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਗੈਸ ਸਿਲੰਡਰ ਦੇ ਵਧੇ ਹੋਏ ਰੇਟ ਤੁਰੰਤ ਵਾਪਸ ਲਏ ਜਾਣ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ।
ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਲੜਦੀ ਆਈ ਹੈ ਅਤੇ ਮਹਿੰਗਾਈ ਦੇ ਖ਼ਿਲਾਫ਼ ਆਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਡਾ. ਸੰਨੀ ਸਿੰਘ ਅਹਲੂਵਾਲੀਆ (ਜਨਰਲ ਸਕੱਤਰ), ਪ੍ਰਭਜੋਤ ਕੌਰ (ਜ਼ਿਲ੍ਹਾ ਇੰਚਾਰਜ), ਗੋਵਿੰਦਰ ਮਿੱਤਲ (ਹਲਕਾ ਸੰਗਠਨ ਇੰਚਾਰਜ), ਤਰਲੋਚਨ ਸਿੰਘ (ਜ਼ਿਲ੍ਹਾ ਪ੍ਰਧਾਨ, ਟਰੇਡ ਵਿੰਗ), ਮਨਦੀਪ ਸਿੰਘ (ਜ਼ਿਲ੍ਹਾ ਪ੍ਰਧਾਨ, ਐਸ.ਸੀ. ਵਿੰਗ), ਕਸ਼ਮੀਰ ਕੌਰ (ਜ਼ਿਲ੍ਹਾ ਪ੍ਰਧਾਨ, ਮਹਿਲਾ ਵਿੰਗ), ਜਸਪਾਲ ਸਿੰਘ (ਜ਼ਿਲ੍ਹਾ ਮੀਡੀਆ ਇੰਚਾਰਜ), ਰਾਜ ਕੁਮਾਰ ਬਹਿਲ (ਜ਼ਿਲ੍ਹਾ ਸਕੱਤਰ, ਮੀਡੀਆ ਵਿੰਗ) ਅਤੇ ਬਲਜੀਤ ਸਿੰਘ (ਹਲਕਾ ਮੀਡੀਆ ਕੋਆਰਡੀਨੇਟਰ) ਸਮੇਤ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ।
ਹੋਰ ਪੜ੍ਹੋ 👉  ਰੂਪਨਗਰ ਦੀਆਂ ਲੜਕੀਆਂ ਨੇ ਜਿੱਤੀ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ  ਓਵਰਆਲ ਚੈਂਪੀਅਨਸ਼ਿਪ 

Leave a Reply

Your email address will not be published. Required fields are marked *