ਲੋਕ ਭਲਾਈ ਯੋਜਨਾਵਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਜ਼ੋਰ

ਜਲੰਧਰ, 17 ਅਪ੍ਰੈਲ (ਖ਼ਬਰ ਖਾਸ ਬਿਊਰੋ)
 ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਦੌਰਾਨ ਉਨ੍ਹਾਂ ਨੂੰ ਲੋਕ ਮਸਲਿਆਂ ਦਾ ਢੁੱਕਵਾਂ ਅਤੇ ਸਮਾਂਬੱਧ ਢੰਗ ਨਾਲ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕਾਂ ਦੀ ਹਰੇਕ ਸਮੱਸਿਆ ਨੂੰ ਪੂਰੀ ਗੰਭੀਰਤਾ ਨਾਲ ਲੈਣ ਅਤੇ ਉਸ ਦਾ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਪੇਸ਼ੇਵਰ ਢੰਗ ਨਾਲ ਅਤੇ ਪੂਰੇ ਤਾਲਮੇਲ ਨਾਲ ਕੰਮ ਕਰਨ, ਤਾਂ ਜੋ ਲੋਕਾਂ ਨੂੰ ਹੋਰ ਵੀ ਬਿਹਤਰ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
ਇਸ ਮੌਕੇ ਮੁੱਖ ਪ੍ਰਸ਼ਾਸਕ ਜੇ.ਡੀ.ਏ. ਨਿਤੇਸ਼ ਕੁਮਾਰ ਜੈਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇਜਦੀਪ ਸਿੰਘ ਸੈਣੀ ਵੀ ਮੌਜੂਦ ਸਨ।
ਸ਼੍ਰੀ ਵਾਲੀਆ ਨੇ ਐਸ.ਡੀ.ਐਮਜ਼ ਨੂੰ ਵੀ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਸਾਹਮਣੇ ਆਉਣ ਵਾਲੀਆਂ ਸਮੱਸਿਆਵਾਂ ਦੀ ਢੁੱਕਵੀਂ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕਰਕੇ ਲੋਕਾਂ ਨੂੰ ਰਾਹਤ ਪਹੁੰਚਾਈ ਜਾ ਸਕੇ।
ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਹਰ ਯੋਗ ਅਤੇ ਲੋੜਵੰਦ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ। ਉਨ੍ਹਾਂ ਕਿਹਾ ਕਿ ਜੇਕਰ ਲੋਕ ਸਾਡੇ ਤੱਕ ਨਹੀਂ ਪਹੁੰਚ ਸਕਦੇ ਤਾਂ ਉਨ੍ਹਾਂ ਤੱਕ ਪਹੁੰਚਣਾ ਸਾਡੀ ਜ਼ਿੰਮੇਵਾਰੀ ਹੈ।
ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਅਤੇ ਲੋਕਾਂ ਦੀ ਭਲਾਈ ਤੇ ਬਿਹਤਰੀ ਨੂੰ ਆਪਣੀ ਮੁੱਢਲੀ ਤਰਜੀਹ ਬਣਾਉਣ, ਤਾਂ ਜੋ ਉਨ੍ਹਾਂ ਦਾ ਪ੍ਰਸ਼ਾਸਨ ਵਿੱਚ ਵਿਸ਼ਵਾਸ ਹੋਰ ਮਜ਼ਬੂਤ ਹੋ ਸਕੇ।
ਹੋਰ ਪੜ੍ਹੋ 👉  ਬੇਸਹਾਰਾ ਗਊਧਨ ਨੂੰ ਗਊਸ਼ਲਾਵਾਂ ’ਚ ਪਹੁੰਚਾਉਣ ਲਈ ਉਪਰਾਲੇ ਤੇਜ਼ ਕੀਤੇ ਜਾਣ - ਕੀਮਤੀ ਭਗਤ

Leave a Reply

Your email address will not be published. Required fields are marked *