ਫਾਜ਼ਿਲਕਾ, 8 ਅਕਤੂਬਰ: (ਖ਼ਬਰ ਖਾਸ ਬਿਊਰੋ)
ਜ਼ਿਲ੍ਹਾ ਫਾਜ਼ਿਲਕਾ ਦੀਆਂ ਮੰਡੀਆਂ ਵਿੱਚ ਪੰਜਾਬ ਤੋਂ ਬਾਹਰੋਂ ਲਿਆਂਦੇ ਝੋਨੇ ਦੀ ਵਿਕਰੀ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਸਿੱਧੀ ਨਿਗਰਾਨੀ ਹੇਠ ਸਬੰਧਤ ਵਿਭਾਗਾਂ ਦੀਆਂ ਟੀਮਾਂ ਵੱਲੋਂ ਮੰਡੀਆਂ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਝੋਨੇ ਦੀ ਆਮਦ ’ਤੇ ਨਜ਼ਰ ਰੱਖੀ ਜਾ ਰਹੀ ਹੈ ਇਸ ਦੇ ਨਾਲ ਹੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਸੈਂਟ੍ਰਲ ਵਿਜੀਲੈਂਸ ਕਮੇਟੀ ਵੱਲੋਂ ਵੀ ਨਿਗਰਾਨੀ ਰੱਖੀ ਜਾ ਰਹੀ ਹੈ ਪਿਛਲੇ ਦਿਨੀ ਸੈਂਟ੍ਰਲ ਵਿਜੀਲੈਂਸ ਕਮੇਟੀ ਦੇ ਟੀਮ ਮੈਂਬਰਾਂ ਵੱਲੋਂ ਵੀ ਜਲਾਲਾਬਾਦ ਵਿਖੇ ਝੋਨੇ ਦੀ ਪੜਤਾਲ ਕੀਤੀ ਗਈ ਤਾਂ ਜੋ ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਝੋਨੇ ਦੀ ਪੰਜਾਬ ਦੀਆਂ ਮੰਡੀਆਂ ਵਿੱਚ ਵਿਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਕੀਤਾ ਜਾ ਸਕੇ।
ਇਸੇ ਮੁਹਿੰਮ ਤਹਿਤ ਮਾਰਕੀਟ ਕਮੇਟੀ ਜਲਾਲਾਬਾਦ ਵੱਲੋਂ ਪੰਜਾਬ ਤੋਂ ਬਾਹਰ ਦਾ ਝੋਨਾ ਲੈ ਕੇ ਆ ਰਹੀ ਇੱਕ ਟਰਾਲੀ ਕਾਬੂ ਕੀਤੀ ਗਈ ਸੀ। ਜਾਂਚ ਉਪਰੰਤ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ ਅਤੇ ਇਸ ਸਬੰਧੀ ਗਲਤ ਢੰਗ ਨਾਲ ਬਾਹਰਲੇ ਸੂਬੇ ਦਾ ਝੋਨਾ ਪੰਜਾਬ ਦੀ ਮੰਡੀ ਵਿੱਚ ਲਿਆਉਣ ਵਾਲੇ ਸਬੰਧਤ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਗਈ ਹੈ। ਪ੍ਰਸ਼ਾਸਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਕੇ ਬਾਹਰੋਂ ਝੋਨਾ ਲਿਆਉਣ ਜਾਂ ਉਸ ਦੀ ਪੰਜਾਬ ਵਿੱਚ ਵਿਕਰੀ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪ੍ਰਸ਼ਾਸਨ ਵੱਲੋਂ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦਾ ਗਿਆ ਝੋਨਾ ਸੁਚਾਰੂ ਢੰਗ ਨਾਲ ਖਰੀਦਿਆ ਜਾਵੇ ਅਤੇ ਖਰੀਦ ਏਜੰਸੀਆਂ ਵੱਲੋਂ ਸਮੇਂ ਸਿਰ ਲਿਫਟਿੰਗ ਕੀਤੀ ਜਾਵੇ। ਇਸ ਦੇ ਨਾਲ ਹੀ ਮੰਡੀਆਂ ਵਿੱਚ ਆਉਣ ਵਾਲੇ ਝੋਨੇ ਦੀ ਗੁਣਵੱਤਾ ਅਤੇ ਸਰੋਤ ਦੀ ਵੀ ਨਿਗਰਾਨੀ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਕਿਸਾਨ ਵੀਰਾਂ ਨੂੰ ਇਹ ਅਪੀਲ ਵੀ ਕੀਤੀ ਜਾਂਦੀ ਹੈ ਕਿ ਉਹ ਆਪਣੇ ਝੋਨੇ ਦੀ ਫਸਲ ਪੂਰੀ ਤਰ੍ਹਾਂ ਪਕਾ ਕੇ ਹੀ ਕੱਟਣ ਤੇ ਉਸ ਉਪਰੰਤ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਫ਼ਸਲ ਦੀ ਵਿਕਰੀ ਤੁਰੰਤ ਯਕੀਨੀ ਬਣਾਈ ਜਾ ਸਕੇ।
ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਸਥਿਤੀ:
7 ਅਕਤੂਬਰ ਤੱਕ ਜ਼ਿਲ੍ਹੇ ਦੀਆਂ 14 ਮੰਡੀਆਂ ਵਿੱਚ ਕੁੱਲ 8,717 ਮੀਟਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 7,132 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਹੁਣ ਤੱਕ 5,993 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਸਮੂਹ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਝੋਨੇ ਦੀ ਲਿਫਟਿੰਗ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਪ੍ਰਸ਼ਾਸਨ ਵੱਲੋਂ ਸਾਰੀਆਂ ਸਬੰਧਤ ਏਜੰਸੀਆਂ ਨੂੰ ਖਰੀਦ ਅਤੇ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।