ਨੌਜਵਾਨ ਦੇਸ਼ ਨੂੰ ਵਿਕਸਿਤ ਬਣਾਉਣ ’ਚ ਸਰਗਰਮ ਯੋਗਦਾਨ ਪਾਉਣ-ਰਾਜਪਾਲ

ਜਲੰਧਰ, 14 ਅਪ੍ਰੈਲ (ਖ਼ਬਰ ਖਾਸ  ਬਿਊਰੋ)
ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਇਥੇ ਡੀ.ਏ.ਵੀ. ਕਾਲਜ ਦੇ 90ਵੇਂ ਇਨਾਮ ਵੰਡ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਸਿੱਖਿਆ ਹਾਸਲ ਕਰਕੇ ਦੇਸ਼ ਨੂੰ ਵਿਕਸਿਤ ਬਣਾਉਣ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਸਮਾਰੋਹ ਦੀ ਸ਼ੁਰੂਆਤ ਵਿੱਚ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਦੇਸ਼ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ਦੇ ਮੌਕੇ ‘ਤੇ ਸਤਿਕਾਰ ਭੇਟ ਕੀਤਾ।
ਉਪਰੰਤ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰਾਜਪਾਲ ਸ਼੍ਰੀ ਕਟਾਰੀਆ ਨੇ ਸੰਪੂਰਨ ਸਿੱਖਿਆ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਗਿਆਨ ਉਹੀ ਸਾਰਥਕ ਹੈ, ਜਿਸ ਨਾਲ ਵਿਕਸਿਤ ਮਾਨਸਿਕਤਾ ਤਿਆਰ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਹਾਸਲ ਕਰਨ, ਅਨੁਸ਼ਾਸਿਤ ਰਹਿਣ, ਨੈਤਿਕ ਜੀਵਨ ਜਿਊਣ ਅਤੇ ਸਮਾਜ ਦੀ ਸੇਵਾ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦੀ ਅਪੀਲ ਕੀਤੀ।
ਸ਼੍ਰੀ ਕਟਾਰੀਆ ਨੇ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਅਧਿਆਪਕਾਂ ਦੀ ਭੂਮਿਕਾ ਬੜੀ ਅਹਿਮ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਵਿਦਿਆਰਥੀ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਣ ਦੇ ਨਾਲ-ਨਾਲ ਉਸ ਲਈ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਰਾਹ ਵੀ ਪੱਧਰਾ ਕਰਦਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਨੂੰ ਵਿਕਸਿਤ ਬਣਾਉਣ ਵਿੱਚ ਸਿੱਖਿਆ ਸੰਸਥਾਵਾਂ ਮਹੱਤਵਪੂਰਨ ਰੋਲ ਅਦਾ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਤਕਨੀਕੀ ਅਤੇ ਏ.ਆਈ ਦੇ ਯੁੱਗ ਵਿੱਚ ਲੋੜ ਹੈ ਕਿ ਸਿੱਖਿਆ ਸੰਸਥਾਵਾਂ ਅਜੋਕੇ ਸਮੇਂ ਦੀ ਜ਼ਰੂਰਤ ਅਨੁਸਾਰ ਵਿਦਿਆਰਥੀਆਂ ਨੂੰ ਤਿਆਰ ਕਰਨ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਨੂੰ ਹੁਨਰ ਸਿਖ਼ਲਾਈ ਪ੍ਰਦਾਨ ਕਰਨ ’ਤੇ ਵੀ ਜ਼ੋਰ ਦਿੱਤਾ।
ਅੱਜ ਦੇ ਇਨਾਮ ਵੰਡ ਸਮਾਗਮ ਦੌਰਾਨ 90 ਫੀਸਦੀ ਮੈਡਲ ਲੜਕੀਆਂ ਵੱਲੋਂ ਹਾਸਲ ਕਰਨ ’ਤੇ ਖੁਸ਼ੀ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਲੜਕੀਆਂ ਅੱਜ ਹਰ ਖੇਤਰ ਵਿੱਚ ਅੱਗੇ ਹਨ।
ਰਾਜਪਾਲ ਸ਼੍ਰੀ ਕਟਾਰੀਆ ਨੇ ਡੀ.ਏ.ਵੀ. ਸੰਸਥਾਵਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਆਰੀਆ ਸਮਾਜ ਅਤੇ ਡੀ.ਏ.ਵੀ. ਸੀ.ਐਮ.ਸੀ. ਦੇ ਸੰਸਥਾਪਕਾਂ ਦੀ ਨੈਤਿਕ ਸਿੱਖਿਆ ਪ੍ਰਤੀ ਵਚਨਬੱਧਤਾ ਲਈ ਸ਼ਲਾਘਾ ਵੀ ਕੀਤੀ। ਸਵਾਮੀ ਦਯਾਨੰਦ ਸਰਸਵਤੀ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਸਮਾਜ ਵਿੱਚ ਸਾਰਥਕ ਯੋਗਦਾਨ ਪਾਉਣਾ ਹੈ। ਉਨ੍ਹਾਂ ਨੇ ਡੀ.ਏ.ਵੀ. ਸੀ.ਐਮ.ਸੀ. ਦੀ ਮਹਿਲਾ ਸਿੱਖਿਆ ਵਿੱਚ ਮੋਹਰੀ ਭੂਮਿਕਾ ਲਈ ਵੀ ਪ੍ਰਸ਼ੰਸਾ ਕੀਤੀ।
ਇਸ ਦੌਰਾਨ ਲਗਭਗ 160 ਹੋਣਹਾਰ ਵਿਦਿਆਰਥੀਆਂ ਨੂੰ ਅਕਾਦਮਿਕ, ਖੇਡਾਂ ਆਦਿ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ।
ਹੋਰ ਪੜ੍ਹੋ 👉  ਟਰਾਲੀ ਪਲਟਣ ਨਾਲ ਚਾਰ ਮਜ਼ਦੂਰ ਹੋਏ ਜਖਮੀ, ਇਕ ਦੀ ਹਾਲਤ ਗੰਭੀਰ

Leave a Reply

Your email address will not be published. Required fields are marked *