ਰੂਪਨਗਰ, 08 ਅਕਤੂਬਰ: (ਖ਼ਬਰ ਖਾਸ ਬਿਊਰੋ) ਐਸ.ਡੀ.ਐਮ. ਸ੍ਰੀ ਸਚਿਨ ਪਾਠਕ ਦੀ ਅਗਵਾਈ ਹੇਠ ਟੀਬੀ ਮੁਕਤ ਭਾਰਤ ਅਭਿਆਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਜ਼ਿਲ੍ਹੇ ਵਿੱਚ ਟੀ.ਬੀ. ਦੀ ਬਿਮਾਰੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਵੱਲੋਂ ‘ਜੋਸ਼ ਟੀਮ’ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਟੀ.ਬੀ. ਦੀ ਰੋਕਥਾਮ, ਸਮੇਂ ਸਿਰ ਜਾਂਚ ਅਤੇ ਇਲਾਜ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦਾ ਸੰਕਲਪ ਲਿਆ ਗਿਆ।
ਇਸ ਮੌਕੇ ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਨੇ ਕਿਹਾ ਕਿ ਟੀ.ਬੀ. ਇੱਕ ਇਲਾਜਯੋਗ ਬਿਮਾਰੀ ਹੈ ਅਤੇ ਜੇਕਰ ਇਸ ਦੀ ਪਛਾਣ ਸਮੇਂ ਸਿਰ ਹੋ ਜਾਵੇ ਤਾਂ ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਟੀ.ਬੀ. ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਜੇਕਰ ਕਿਸੇ ਵਿਅਕਤੀ ਨੂੰ ਲਗਾਤਾਰ ਦੋ ਹਫ਼ਤਿਆਂ ਜਾਂ ਇਸ ਤੋਂ ਵੱਧ ਸਮੇਂ ਤੱਕ ਖੰਘ, ਬੁਖਾਰ, ਰਾਤ ਨੂੰ ਪਸੀਨਾ ਆਉਣਾ, ਭਾਰ ਘਟਣਾ ਜਾਂ ਭੁੱਖ ਘੱਟ ਲੱਗਣ ਵਰਗੇ ਲੱਛਣ ਹੋਣ ਤਾਂ ਉਸ ਨੂੰ ਤੁਰੰਤ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਜਾਂਚ ਕਰਵਾਉਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ‘ਜੋਸ਼ ਟੀਮ’ ਵੱਲੋਂ ਟੀ.ਬੀ. ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਉਣ, ਸੰਭਾਵਿਤ ਮਰੀਜ਼ਾਂ ਦੀ ਪਛਾਣ ਕਰਨ, ਉਨ੍ਹਾਂ ਨੂੰ ਜਾਂਚ ਲਈ ਪ੍ਰੇਰਿਤ ਕਰਨ ਅਤੇ ਮਰੀਜ਼ਾਂ ਨੂੰ ਇਲਾਜ ਨਾਲ ਜੋੜਨ ਲਈ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇਗਾ। ਟੀਮ ਵੱਲੋਂ ਲੋਕਾਂ ਨੂੰ ਇਹ ਸੰਦੇਸ਼ ਵੀ ਦਿੱਤਾ ਜਾਵੇਗਾ ਕਿ ਟੀ.ਬੀ. ਦਾ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲਬਧ ਹੈ ਅਤੇ ਮਰੀਜ਼ ਨੂੰ ਆਪਣਾ ਇਲਾਜ ਅਧੂਰਾ ਨਹੀਂ ਛੱਡਣਾ ਚਾਹੀਦਾ।
ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਟੀਬੀ ਮੁਕਤ ਸਮਾਜ ਦੀ ਸਿਰਜਣਾ ਲਈ ਸਰਕਾਰ ਦੇ ਨਾਲ-ਨਾਲ ਆਮ ਲੋਕਾਂ ਦੀ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਟੀ.ਬੀ. ਤੋਂ ਪੀੜਤ ਵਿਅਕਤੀ ਨਾਲ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਨਾ ਕੀਤਾ ਜਾਵੇ, ਸਗੋਂ ਉਸ ਨੂੰ ਸਮੇਂ ਸਿਰ ਜਾਂਚ ਕਰਵਾਉਣ ਅਤੇ ਪੂਰਾ ਇਲਾਜ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾਵੇ।
ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ ਡਾ. ਕੁਲਜੀਤ ਸਿੰਘ, ਡੀ.ਟੀ.ਓ. ਡਾ. ਹਰਜੋਤ ਸਿੰਘ, ਮੈਡੀਕਲ ਅਫਸਰ ਬ੍ਰਿਜ ਮੋਹਨ ਸ਼ਰਮਾ, ਹਰਪ੍ਰੀਤ ਕੌਰ, ਸੁਰਜੀਤ ਸਿੰਘ, ਮਹਿੰਦਰ ਪਾਲ ਮਾਵੀ, ਸੁਸ਼ਮਾ ਸ਼ਰਮਾ, ਨਿਕਸ਼ੇ ਮਿੱਤਰਾ ਕਰਮਚਾਰੀ ਅਤੇ ‘ਜੋਸ਼ ਟੀਮ’ ਦੇ ਮੈਂਬਰ ਹਾਜ਼ਰ ਸਨ।
ਇਸ ਮੌਕੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਟੀਬੀ ਮੁਕਤ ਭਾਰਤ ਦੇ ਟੀਚੇ ਨੂੰ ਹਾਸਲ ਕਰਨ ਲਈ ਮਿਲ-ਜੁਲ ਕੇ ਕੰਮ ਕਰਨ ਦਾ ਅਹਿਦ ਲਿਆ ਗਿਆ।