ਜਲੰਧਰ, 2 ਅਕਤੂਬਰ (ਖ਼ਬਰ ਖਾਸ ਬਿਊਰੋ)
ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹੇ ਦੀ ਭੋਗਪੁਰ ਅਨਾਜ ਮੰਡੀ ਵਿੱਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਵਿਕਰੀ ਲਈ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਲਈ ਪੰਜਾਬ ਨੂੰ ਪਹਿਲਾਂ ਹੀ 42786.68 ਕਰੋੜ ਰੁਪਏ ਦੀ ਸੀ.ਸੀ.ਐਲ. ਲਿਮਿਟ ਪ੍ਰਾਪਤ ਹੋ ਚੁੱਕੀ ਹੈ ਅਤੇ ਖ਼ਰੀਦੇ ਗਏ ਝੋਨੇ ਲਈ ਕਿਸਾਨਾਂ ਨੂੰ ਤੁਰੰਤ ਅਤੇ ਨਿਰਵਿਘਨ ਅਦਾਇਗੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਨੂੰ ਸੀਜ਼ਨ 2026-27 ਦੌਰਾਨ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਮਿਲਿਆ ਹੈ ਅਤੇ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ 2461 ਰੁਪਏ ਕੁਇੰਟਲ ਦੇ ਹਿਸਾਬ ਨਾਲ ਖ਼ਰੀਦੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਖ਼ਰੀਦ ਕਾਰਜਾਂ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ 1887 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਮੰਡੀਆਂ ਵਿੱਚ ਬਿਜਲੀ, ਪੀਣ ਵਾਲੇ ਸਾਫ਼ ਪਾਣੀ ਸਮੇਤ ਹੋਰ ਲ਼ੋੜੀਂਦੀਆਂ ਸਹੂਲਤਾਂ ਸਬੰਧੀ ਢੁੱਕਵੇਂ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਲ਼ੋੜੀਂਦੀ ਮਾਤਰਾ ਵਿੱਚ ਬਾਰਦਾਣਾ ਉਪਲਬਧ ਹੈ ਅਤੇ ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਤੇ ਅਦਾਇਗੀ ਨਾਲੋ-ਨਾਲ ਯਕੀਨੀ ਬਣਾਈ ਜਾਵੇਗੀ।
ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੇ ਇਕ-ਇਕ ਦਾਣੇ ਦੀ ਖ਼ਰੀਦ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਖ਼ਰੀਦ ਸੀਜ਼ਨਾਂ ਦੌਰਾਨ ਕਿਸਾਨਾਂ ਦੀ ਭਲਾਈ ਰਾਜ ਦੀ ਸਰਕਾਰ ਦੀ ਹਮੇਸ਼ਾ ਤਰਜੀਹ ਰਹੀ ਹੈ।
ਉਨ੍ਹਾਂ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਿਰਵਿਘਨ ਖ਼ਰੀਦ ਕਾਰਜਾਂ ਲਈ ਮੰਡੀਆਂ ਵਿੱਚ ਕੰਮਕਾਜ ਦੀ ਲਗਾਤਾਰ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਕੈਬਨਿਟ ਮੰਤਰੀ ਨੇ ਇਸ ਦੌਰਾਨ ਮੰਡੀ ਵਿੱਚ ਮੌਜੂਦ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ ਅਤੇ ਖ਼ਰੀਦ ਪ੍ਰਬੰਧਾਂ ਬਾਰੇ ਉਨ੍ਹਾਂ ਦੀ ਪ੍ਰਤੀਕਿਰਿਆ ਹਾਸਲ ਕੀਤੀ।
ਸ਼੍ਰੀ ਕਟਾਰੂਚੱਕ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨਾ ਪੂਰੀ ਤਰ੍ਹਾਂ ਸੁਕਾ ਕੇ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਹੋ ਸਕੇ।
ਇਸ ਮੌਕੇ ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ, ਵਿਧਾਇਕ ਟਾਂਡਾ ਜਸਬੀਰ ਸਿੰਘ ਰਾਜਾ ਗਿੱਲ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਹਰਸ਼ਰਨਜੀਤ ਸਿੰਘ ਬਰਾੜ, ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ, ਏ.ਐਫ.ਐਸ.ਓ. ਗੁਰਵਿੰਦਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜੱਸ ਦਿਆਲ ਸਿੰਘ, ਅਮਰੀਕ ਸਿੰਘ ਸੈਣੀ, ਪਰਮਜੀਤ ਪੰਮਾ ਆਦਿ ਵੀ ਮੌਜੂਦ ਸਨ।