ਨਸ਼ਿਆਂ ਖਿਲਾਫ਼ ਫੈਸਲਾਕੁੰਨ ਲੜਾਈ ਲੜ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ

ਜਲੰਧਰ, 2 ਅਕਤੂਬਰ (ਖ਼ਬਰ ਖਾਸ  ਬਿਊਰੋ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਜਾਗਰੂਕਤਾ ਮੀਟਿੰਗਾਂ ਦੀ ਲੜੀ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹਿਰ ਦੇ ਵਾਰਡ ਨੰ. 57 ਅਤੇ ਵਾਰਡ ਨੰ. 58 ਵਿੱਚ ਜਾਗਰੂਕਤਾ ਮੀਟਿੰਗਾਂ ਦੌਰਾਨ ਸੰਬੋਧਨ ਕਰਦਿਆਂ ਲੋਕਾਂ ਨੂੰ ਨਸ਼ਿਆਂ ਖਿਲਾਫ਼ ਇਕਜੁੱਟ ਹੋ ਕੇ ਸਾਂਝਾ ਹੰਭਲਾ ਮਾਰਨ ਦਾ ਸੱਦਾ ਦਿੱਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਸ਼ਿਆਂ ਖਿਲਾਫ਼ ਫੈਸਲਾਕੁੰਨ ਲੜਾਈ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੋਈ ਹੈ, ਜਿਸ ਤਹਿਤ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਾਲ-ਨਾਲ ਨਸ਼ਿਆਂ ਦੇ ਦਲਦਲ ਵਿੱਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਕਿਸੇ ਇਕ ਵਿਅਕਤੀ ਜਾਂ ਪਰਿਵਾਰ ਦੀ ਨਹੀਂ ਹੈ ਬਲਕਿ ਇਹ ਸਮੁੱਚੇ ਸਮਾਜ ਨਾਲ ਜੁੜਿਆ ਹੋਇਆ ਗੰਭੀਰ ਮੁੱਦਾ ਹੈ, ਜਿਸ ਨਾਲ ਨਜਿੱਠਣ ਲਈ ਸਮਾਜ ਦੇ ਹਰ ਵਰਗ ਦੀ ਸਰਗਰਮ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਸੂਬੇ ਅਤੇ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ, ਜਿਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰੇਕ ਵਿਅਕਤੀ ਨੂੰ ਨਸ਼ਿਆਂ ਖਿਲਾਫ਼ ਲੜਾਈ ਵਿੱਚ ਮੋਹਰੀ ਰੋਲ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਨਸ਼ਿਆਂ ਦੀ ਚੁਣੌਤੀ ਨਾਲ ਨਜਿੱਠਿਆ ਜਾ ਸਕਦਾ ਹੈ।
ਸ਼੍ਰੀ ਭਗਤ ਨੇ ਨਸ਼ਿਆਂ ਖਿਲਾਫ਼ ਮੁਹਿੰਮ ਵਿੱਚ ਵੀ.ਡੀ.ਸੀ. ਮੈਂਬਰਾਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵੀ.ਡੀ.ਸੀ. ਮੈਂਬਰ ਆਪਣੇ-ਆਪਣੇ ਖੇਤਰਾਂ ਵਿੱਚ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਖਿਲਾਫ਼ ਜਾਗਰੂਕ ਕਰਨ ਅਤੇ ਨਸ਼ਿਆਂ ਦੀ ਰੋਕਥਾਮ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ।
ਇਸ ਮੌਕੇ ਕੌਂਸਲਰ ਕਵਿਤਾ ਸੇਠ ਤੇ ਡਾ. ਮਨੀਸ਼, ਸੌਰਵ ਸੇਠ, ਪੁਲਿਸ ਅਧਿਕਾਰੀ ਅਤੇ ਵੱਡੀ ਗਿਣਤੀ ਇਲਾਕਾ ਵਾਸੀ ਮੌਜੂਦ ਸਨ।
ਹੋਰ ਪੜ੍ਹੋ 👉  ਵਿਧਾਇਕ ਦਿਨੇਸ਼ ਚੱਢਾ ਨੇ 1.17 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

Leave a Reply

Your email address will not be published. Required fields are marked *