ਦਿਲ ਦੇ ਦੌਰੇ ਦੇ 9 ਮਰੀਜ਼ਾਂ ਲਈ ਜੀਵਨਦਾਤਾ ਬਣਿਆ ਸਟੈਮੀ ਪ੍ਰਾਜੈਕਟ

ਰੂਪਨਗਰ, 16 ਸਤੰਬਰ (ਖ਼ਬਰ ਖਾਸ ਬਿਊਰੋ)
ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਸਮੇਂ ਸਿਰ ਅਤੇ ਮੁਫ਼ਤ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਚਲਾਇਆ ਜਾ ਰਿਹਾ ਸਟੈਮੀ ਪ੍ਰਾਜੈਕਟ ਦਿਲ ਦੇ ਦੌਰੇ ਤੋਂ ਪੀੜਤ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਇਸ ਪ੍ਰਾਜੈਕਟ ਤਹਿਤ ਇਸ ਸਾਲ ਹੁਣ ਤੱਕ ਦਿਲ ਦੇ ਦੌਰੇ ਤੋਂ ਪੀੜਤ 9 ਮਰੀਜ਼ਾਂ ਦੀ ਕੀਮਤੀ ਜਾਨ ਬਚਾਈ ਜਾ ਚੁੱਕੀ ਹੈ।
ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਨੇ ਦੱਸਿਆ ਕਿ ਸਟੈਮੀ ਪ੍ਰਾਜੈਕਟ ਤਹਿਤ ਦਿਲ ਦੇ ਦੌਰੇ ਦੀ ਗੰਭੀਰ ਸਥਿਤੀ ਵਿੱਚ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਮਰੀਜ਼ਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਅਤੇ ਲੋੜ ਅਨੁਸਾਰ ਇਲਾਜ ਬਿਲਕੁਲ ਮੁਫ਼ਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਮਰੀਜ਼ ਦੀ ਮੁੱਢਲੀ ਜਾਂਚ ਕਰਕੇ ਦਿਲ ਦੇ ਦੌਰੇ ਦੀ ਸਥਿਤੀ ਦੀ ਪੁਸ਼ਟੀ ਹੋਣ ਉਪਰੰਤ ਲੋੜ ਅਨੁਸਾਰ ਵਿਸ਼ੇਸ਼ ਟੀਕਾ ਲਗਾਇਆ ਜਾਂਦਾ ਹੈ, ਜੋ ਦਿਲ ਦੀਆਂ ਨਾੜੀਆਂ ਵਿੱਚ ਬਣੇ ਖ਼ੂਨ ਦੇ ਥੱਕੇ ਨੂੰ ਘੋਲਣ ਵਿੱਚ ਸਹਾਇਤਾ ਕਰਦਾ ਹੈ। ਇਸ ਮਹਿੰਗੇ ਟੀਕੇ ਦੀ ਕੀਮਤ ਆਮ ਤੌਰ ’ਤੇ ਲਗਭਗ 25 ਹਜ਼ਾਰ ਤੋਂ 35 ਹਜ਼ਾਰ ਰੁਪਏ ਤੱਕ ਹੁੰਦੀ ਹੈ, ਪਰ ਪੰਜਾਬ ਸਰਕਾਰ ਵੱਲੋਂ ਇਹ ਸਹੂਲਤ ਮਰੀਜ਼ਾਂ ਨੂੰ ਮੁਫ਼ਤ ਪ੍ਰਦਾਨ ਕੀਤੀ ਜਾ ਰਹੀ ਹੈ।
ਡਾ. ਵਿਵੇਕ ਕਟਾਰੀਆ ਨੇ ਦੱਸਿਆ ਕਿ ਦਿਲ ਦਾ ਦੌਰਾ ਪੈਣ ਦੀ ਸਥਿਤੀ ਵਿੱਚ ਹਰ ਪਲ ਬੇਹੱਦ ਕੀਮਤੀ ਹੁੰਦਾ ਹੈ। ਕਈ ਵਾਰ ਮਰੀਜ਼ ਦੀ ਹਾਲਤ ਇੰਨੀ ਗੰਭੀਰ ਹੁੰਦੀ ਹੈ ਕਿ ਉਸ ਨੂੰ ਤੁਰੰਤ ਉੱਚ ਸਿਹਤ ਸੰਸਥਾ ਵਿਖੇ ਭੇਜਣ ਦੀ ਲੋੜ ਪੈਂਦੀ ਹੈ। ਅਜਿਹੇ ਸਮੇਂ ਦੌਰਾਨ ਆਵਾਜਾਈ ਵਿੱਚ ਲੱਗਣ ਵਾਲਾ ਸਮਾਂ ਮਰੀਜ਼ ਲਈ ਗੰਭੀਰ ਖ਼ਤਰਾ ਪੈਦਾ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਟੈਮੀ ਪ੍ਰਾਜੈਕਟ ਤਹਿਤ ਜ਼ਿਲ੍ਹਾ ਹਸਪਤਾਲ ਵਿੱਚ ਹੀ ਮਰੀਜ਼ ਨੂੰ ਤੁਰੰਤ ਲੋੜੀਂਦੀ ਡਾਕਟਰੀ ਸਹਾਇਤਾ ਮਿਲਣ ਨਾਲ ਉਸ ਦੀ ਹਾਲਤ ਨੂੰ ਸਥਿਰ ਕਰਨ ਵਿੱਚ ਮਦਦ ਮਿਲਦੀ ਹੈ ਅਤੇ ਇਸ ਤੋਂ ਬਾਅਦ ਉਸ ਨੂੰ ਅਜਿਹੀ ਨੇੜਲੀ ਸਿਹਤ ਸੰਸਥਾ ਵਿਖੇ ਭੇਜਿਆ ਜਾਂਦਾ ਹੈ, ਜਿੱਥੇ ਦਿਲ ਦੀਆਂ ਨਾੜੀਆਂ ਦੀ ਵਿਸ਼ੇਸ਼ ਜਾਂਚ ਅਤੇ ਲੋੜ ਪੈਣ ’ਤੇ ਸਟੰਟ ਪਾਉਣ ਦੀ ਸਹੂਲਤ ਉਪਲਬਧ ਹੋਵੇ।
ਉਨ੍ਹਾਂ ਨੇ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਮੈਡੀਕਲ ਮਾਹਿਰ ਡਾ. ਪੁਨੀਤ ਸੈਣੀ ਅਤੇ ਸਮੁੱਚੀ ਸਿਹਤ ਟੀਮ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਰੀਜ਼ਾਂ ਨੂੰ ਸਮੇਂ ਸਿਰ ਮਾਹਿਰ ਡਾਕਟਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਸਟੈਮੀ ਪ੍ਰਾਜੈਕਟ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।
ਮੈਡੀਕਲ ਮਾਹਿਰ ਡਾ. ਪੁਨੀਤ ਸੈਣੀ ਨੇ ਦੱਸਿਆ ਕਿ ਦਿਲ ਦਾ ਦੌਰਾ ਇੱਕ ਅਜਿਹੀ ਗੰਭੀਰ ਸਿਹਤ ਸਥਿਤੀ ਹੈ ਜਿਸ ਵਿੱਚ ਮਰੀਜ਼ ਨੂੰ ਬਿਨਾਂ ਸਮਾਂ ਗੁਆਏ ਤੁਰੰਤ ਡਾਕਟਰੀ ਸਹਾਇਤਾ ਮਿਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਅੱਜਕੱਲ੍ਹ ਬਦਲ ਰਹੀ ਜੀਵਨਸ਼ੈਲੀ, ਅਸੰਤੁਲਿਤ ਖਾਣ-ਪੀਣ, ਬਹੁਤ ਜ਼ਿਆਦਾ ਮਾਨਸਿਕ ਤਣਾਅ ਅਤੇ ਸਰੀਰਕ ਕਸਰਤ ਦੀ ਘਾਟ ਕਾਰਨ ਦਿਲ ਦੀਆਂ ਨਾੜੀਆਂ ਵਿੱਚ ਰੁਕਾਵਟ ਪੈਣ ਅਤੇ ਦਿਲ ਦੇ ਦੌਰੇ ਦੇ ਮਾਮਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਟੈਮੀ ਪ੍ਰਾਜੈਕਟ ਤਹਿਤ ਦਿਲ ਦੇ ਦੌਰੇ ਤੋਂ ਪੀੜਤ ਮਰੀਜ਼ਾਂ ਨੂੰ ਸਮੇਂ ਸਿਰ ਮੁੱਢਲਾ ਇਲਾਜ ਮੁਹੱਈਆ ਕਰਵਾਉਣ ਦੀ ਸਹੂਲਤ ਉਪਲਬਧ ਹੋਣ ਕਾਰਨ ਮਰੀਜ਼ ਦੀ ਜਾਨ ਬਚਾਉਣ ਅਤੇ ਉਸ ਦੀ ਹਾਲਤ ਨੂੰ ਸਥਿਰ ਕਰਨ ਵਿੱਚ ਮਹੱਤਵਪੂਰਨ ਮਦਦ ਮਿਲ ਰਹੀ ਹੈ।
ਡਾ. ਪੁਨੀਤ ਸੈਣੀ ਨੇ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਲੈਣ ਦੇ ਨਾਲ-ਨਾਲ ਰੋਜ਼ਾਨਾ ਸਰੀਰਕ ਕਸਰਤ ਨੂੰ ਆਪਣੀ ਜੀਵਨਸ਼ੈਲੀ ਦਾ ਹਿੱਸਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਛਾਤੀ ਵਿੱਚ ਦਰਦ, ਭਾਰਾਪਣ, ਦਬਾਅ, ਸਾਹ ਲੈਣ ਵਿੱਚ ਤਕਲੀਫ਼ ਜਾਂ ਅਚਾਨਕ ਬੇਚੈਨੀ ਮਹਿਸੂਸ ਹੋਵੇ ਤਾਂ ਇਸ ਨੂੰ ਆਮ ਸਮੱਸਿਆ ਸਮਝ ਕੇ ਅਣਗੌਲਿਆ ਨਾ ਕੀਤਾ ਜਾਵੇ। ਅਜਿਹੇ ਲੱਛਣਾਂ ਦੀ ਸੂਰਤ ਵਿੱਚ ਤੁਰੰਤ ਨੇੜਲੀ ਸਿਹਤ ਸੰਸਥਾ ਵਿਖੇ ਪਹੁੰਚ ਕੇ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਦਿਲ ਦੇ ਦੌਰੇ ਦੇ ਮਾਮਲੇ ਵਿੱਚ ਸਮੇਂ ਸਿਰ ਮਿਲਿਆ ਇਲਾਜ ਕੀਮਤੀ ਜ਼ਿੰਦਗੀ ਬਚਾਉਣ ਵਿੱਚ ਨਿਰਣਾਇਕ ਭੂਮਿਕਾ ਨਿਭਾ ਸਕਦਾ ਹੈ। ਇਸ ਲਈ ਛਾਤੀ ਵਿੱਚ ਹੋਣ ਵਾਲੇ ਅਸਧਾਰਨ ਦਰਦ ਜਾਂ ਹੋਰ ਲੱਛਣਾਂ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਏ ਤੁਰੰਤ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ।
4
ਹੋਰ ਪੜ੍ਹੋ 👉  'ਨਸ਼ਾ-ਮੁਕਤ ਭਾਰਤ' ਬਣਾਉਣ ਦਾ ਸੰਕਲਪ, ਪੰਜਾਬ ਦੇ ਛੇ ਜ਼ਿਲ੍ਹੇ ਅਤਿ ਸੰਵੇਦਨਸੀਲ ਲਿਸਟ ਵਿਚ ਸ਼ਾਮਲ

Leave a Reply

Your email address will not be published. Required fields are marked *