ਜ਼ਿਲ੍ਹਾ ਹਸਪਤਾਲ ਦੇ ਟੀਬੀ ਸੈਂਟਰ ਤੋਂ ਟੀਬੀ ਮੁਕਤ ਭਾਰਤ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ

ਰੂਪਨਗਰ, 24 ਮਾਰਚ (ਖ਼ਬਰ ਖਾਸ ਬਿਊਰੋ)
ਸਰਕਾਰ ਵੱਲੋਂ ਟੀਬੀ ਦੇ ਪੂਰਨ ਖਾਤਮੇ ਦੇ ਲਕਸ਼ ਨੂੰ ਹਾਸਲ ਕਰਨ ਲਈ ਚਲਾਈ ਜਾ ਰਹੀ 100 ਰੋਜ਼ਾ ਟੀਬੀ ਮੁਕਤ ਭਾਰਤ ਮੁਹਿੰਮ ਦਾ ਅੱਜ ਵਿਸ਼ਵ ਟੀਵੀ ਦਿਵਸ ਦੇ ਮੌਕੇ ਰੂਪਨਗਰ ਵਿੱਚ ਸ਼ਾਨਦਾਰ ਸ਼ੁੱਭ ਆਰੰਭ ਕੀਤਾ ਗਿਆ। ਇਸ ਮੁਹਿੰਮ ਦੀ ਸ਼ੁਰੂਆਤ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ ਵੱਲੋਂ ਜ਼ਿਲ੍ਹਾ ਹਸਪਤਾਲ ਰੂਪਨਗਰ ਦੇ ਟੀਬੀ ਸੈਂਟਰ ਵਿਖੇ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ ਨੇ ਕਿਹਾ ਕਿ ਟੀਬੀ ਰੋਗ ਦੇ ਖਾਤਮੇ ਲਈ ਸਰਕਾਰ ਵੱਲੋਂ ਲਗਾਤਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਹ 100 ਦਿਨਾਂ ਦੀ ਮੁਹਿੰਮ ਇਸ ਦਿਸ਼ਾ ਵਿੱਚ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਕਿਹਾ ਕਿ ਟੀਬੀ ਇੱਕ ਲਾ-ਇਲਾਜ ਬਿਮਾਰੀ ਨਹੀਂ ਹੈ, ਸਗੋਂ ਸਮੇਂ ਸਿਰ ਜਾਂਚ ਅਤੇ ਪੂਰਾ ਇਲਾਜ ਲੈਣ ਨਾਲ ਇਸਨੂੰ ਪੂਰੀ ਤਰ੍ਹਾਂ ਠੀਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਟੀਬੀ ਦੇ ਲੱਛਣ ਜਿਵੇਂ ਲੰਬੇ ਸਮੇਂ ਤੱਕ ਖੰਘ, ਬੁਖਾਰ, ਵਜ਼ਨ ਘਟਣਾ ਜਾਂ ਭੁੱਖ ਨਾ ਲੱਗਣਾ ਆਦਿ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਆਪਣੀ ਜਾਂਚ ਕਰਵਾਉਣ।
ਚੰਦਰਜਯੋਤੀ ਸਿੰਘ ਨੇ ਕਿਹਾ ਕਿ ਟੀਬੀ ਮੁਕਤ ਭਾਰਤ ਦਾ ਸੁਪਨਾ ਤਦ ਹੀ ਸਾਕਾਰ ਹੋ ਸਕਦਾ ਹੈ ਜਦੋਂ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਯਕੀਨੀ ਬਣੇ। ਇਸ ਲਈ ਸਿਹਤ ਵਿਭਾਗ ਦੇ ਨਾਲ ਨਾਲ ਪੰਚਾਇਤਾਂ, ਸਵੈਸੇਵੀ ਸੰਸਥਾਵਾਂ ਅਤੇ ਆਮ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
ਇਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ 100 ਦਿਨਾਂ ਦੀ ਮੁਹਿੰਮ ਦੌਰਾਨ ਜ਼ਿਲ੍ਹੇ ਵਿੱਚ ਵੱਡੇ ਪੱਧਰ ‘ਤੇ ਟੀਬੀ ਰੋਗ ਦੀ ਸਕ੍ਰੀਨਿੰਗ ਕੀਤੀ ਜਾਵੇਗੀ ਅਤੇ ਸ਼ੱਕੀ ਮਰੀਜ਼ਾਂ ਦੀ ਮੁਫ਼ਤ ਜਾਂਚ ਅਤੇ ਇਲਾਜ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਟੀਬੀ ਮਰੀਜ਼ਾਂ ਨੂੰ ਸਰਕਾਰ ਵੱਲੋਂ ਮੁਫ਼ਤ ਦਵਾਈਆਂ ਦੇ ਨਾਲ ਨਾਲ ਨਿਕਸ਼ਯ ਪੋਸ਼ਣ ਯੋਜਨਾ ਤਹਿਤ ਆਰਥਿਕ ਸਹਾਇਤਾ ਵੀ ਦਿੱਤੀ ਜਾਂਦੀ ਹੈ, ਜਿਸ ਨਾਲ ਮਰੀਜ਼ਾਂ ਨੂੰ ਪੂਰਾ ਇਲਾਜ ਕਰਨ ਲਈ ਪ੍ਰੋਤਸਾਹਨ ਮਿਲਦਾ ਹੈ।
ਡਾ. ਨਵਰੂਪ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਵੀ ਟੀਬੀ ਦੇ ਸੰਭਾਵਿਤ ਮਰੀਜ਼ਾਂ ਦੀ ਪਛਾਣ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਤੁਰੰਤ ਇਲਾਜ ਨਾਲ ਜੋੜਿਆ ਜਾਵੇਗਾ। ਇਸ ਤੋਂ ਇਲਾਵਾ ਜਾਗਰੂਕਤਾ ਕੈਂਪਾਂ ਰਾਹੀਂ ਲੋਕਾਂ ਨੂੰ ਟੀਬੀ ਦੇ ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਤਾਂ ਜੋ ਕੋਈ ਵੀ ਮਰੀਜ਼ ਇਲਾਜ ਤੋਂ ਵਾਂਝਾ ਨਾ ਰਹੇ।
ਇਸ ਦੌਰਾਨ ਜ਼ਿਲ੍ਹਾ ਟੀਬੀ ਅਧਿਕਾਰੀ ਡਾ. ਰੂਹਪ੍ਰੀਤ ਕੌਰ ਵੱਲੋਂ ਟੀਬੀ ਮੁਹਿੰਮ ਦੀ ਰਣਨੀਤੀ ਅਤੇ ਕਾਰਜ ਯੋਜਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਟੀਬੀ ਦੇ ਨਿਯੰਤਰਣ ਲਈ ਆਧੁਨਿਕ ਤਕਨੀਕਾਂ ਅਤੇ ਟੈਸਟਿੰਗ ਸਹੂਲਤਾਂ ਦਾ ਵੀ ਵਿਆਪਕ ਇਸਤੇਮਾਲ ਕੀਤਾ ਜਾ ਰਿਹਾ ਹੈ। ਸਮੂਹ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਇਸ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਜੋ ਪ੍ਰਾਈਵੇਟ ਹਸਪਤਾਲ ਟੀ.ਬੀ ਮਰੀਜ਼ਾਂ ਨੂੰ ਨੋਟੀਫਾਈ ਕਰਕੇ ਸਿਵਲ ਹਸਪਤਾਲ ਰੂਪਨਗਰ ਵਿਖੇ ਇਲਾਜ ਲਈ ਭੇਜਦੇ ਹਨ ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨੂੰ ਸਨਮਾਨਿਤ ਕੀਤਾ ਗਿਆ। ਜ਼ਿਲ੍ਹੇ ਅੰਦਰ ਜਿਹੜੇ ਕਮਿਊਨਿਟੀ ਹੈਲਥ ਅਫਸਰਾਂ ਦਾ ਟੀ.ਬੀ ਪ੍ਰੋਗਰਾਮ ਵਿੱਚ ਵਧੀਆ ਕੰਮ ਹੈ ਉਨ੍ਹਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਮੈਡਮ ਗੁਰਮੀਤ ਕੌਰ, ਡਿਪਟੀ ਮਾਸ ਮੀਡੀਆ ਅਫਸਰ ਰੀਤੂ, ਜ਼ਿਲ੍ਹਾ ਬੀਸੀਸੀ ਕੋਆਰਡੀਨੇਟਰ ਸੁਖਜੀਤ ਕੰਬੋਜ, ਟੀ.ਬੀ ਯੂਨਿਟ ਦਾ ਸਟਾਫ ਅਤੇ ਬ੍ਰਿਜ ਮੋਹਨ ਹਾਜ਼ਰ ਸਨ।
ਹੋਰ ਪੜ੍ਹੋ 👉  ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ

Leave a Reply

Your email address will not be published. Required fields are marked *